ਭਾਈ ਟਿੰਮਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)- ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖ਼ਿਲਾਫ਼ ਦੇਸ਼ ਧ੍ਰੋਹ ਦੇ ਮੁਕੱਦਮੇ ਵਿਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਨਾਲ ਧੱਕਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਟਿੰਮਾ ਖ਼ਿਲਾਫ਼ ਦੋਸ਼ ਬਿਲਕੁਲ ਬੇਬੁਨਿਆਦ ਹਨ ਅਤੇ ਪੁਲਿਸ ਦੀ ਇਹ ਕਾਰਵਾਈ ਸਿੱਖਾਂ ਨਾਲ ਅਨਿਆਂ ਹੈ। ਘੱਟਗਿਣਤੀਆਂ ਅਤੇ ਖਾਸਕਰ ਸਿੱਖਾਂ ਨੂੰ ਦਬਾਉਣ ਦੀ ਸਰਕਾਰੀ ਪ੍ਰਵਿਰਤੀ ਦੇਸ਼ ਹਿੱਤ ਵਿਚ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਲੋੜੀਂਦੀ ਕਾਨੂੰਨੀ ਮਦਦ ਲਈ ਵਚਨਬੱਧ ਹੈ।