'ਆਪ' ਮੁਖੀ ਅਰਵਿੰਦ ਕੇਜਰੀਵਾਲ ਨੇ ਜ਼ਿਮਨੀ ਚੋਣ ਸੰਬੰਧੀ ਗਿੱਦੜਬਾਹਾ ਵਿਖੇ ਚੋਣ ਜਲਸੇ ਨੂੰ ਕੀਤਾ ਸੰਬੋਧਨ
ਗਿੱਦੜਬਾਹਾ (ਸ੍ਰੀ ਮੁਕਤਸਰ ਸਾਹਿਬ), 16 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਹੱਕ ਵਿਚ ਵੱਡੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗਿੱਦੜਬਾਹਾ ਹਲਕੇ ਦੀ ਕਿਸਮਤ ਤੁਹਾਡੇ ਹੱਥ ਹੈ ਅਤੇ ਇਸ ਵਾਰ ਆਮ ਆਦਮੀ ਪਾਰਟੀ ਦਾ ਵਿਧਾਇਕ ਬਣਾਓ, 28 ਸਾਲ ਦੀ ਕਮੀ ਢਾਈ ਸਾਲਾਂ ਵਿਚ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਰਕਾਰ ਵਲੋਂ ਸਰਕਾਰੀ ਨੌਕਰੀਆਂ ਬਿਨਾਂ ਸਿਫਾਰਸ਼ ਅਤੇ ਰਿਸ਼ਵਤ ਤੋਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਰਿਟ ਦੇ ਆਧਾਰ ਉਤੇ ਬੇਰੁਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਕੈਨੇਡਾ ਜਾਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਗਿੱਦੜਬਾਹਾ ਦੀ ਹਾਲਤ ਸੁਧਾਰਨ ਤੋਂ ਇਲਾਵਾ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ਉਤੇ ਕੀਤਾ ਜਾਵੇਗਾ। ਉਨ੍ਹਾਂ ਰਾਜਾ ਵੜਿੰਗ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਲੜਕਾ ਤੋ ਅੱਛਾ ਹੈ, ਪਰ ਕੰਮ ਨਹੀਂ ਕਰ ਸਕਦਾ, ਲੜ ਸਕਦਾ ਹੈ।