ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਨੌਜਵਾਨ ਦੀ ਕੁੱਟਮਾਰ ਮਾਮਲੇ 'ਚ 4 ਦੋਸ਼ੀ ਗ੍ਰਿਫਤਾਰ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਿਵ ਸੈਨਾ ਆਗੂਆਂ ਵਲੋਂ ਸਿੱਖ ਨੌਜਵਾਨ ਗੁਰਵਿੰਦਰ ਸਿੰਘ ਦੀ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਵਲੋਂ ਸ਼ਿਵ ਸੈਨਾ ਨਾਲ ਸੰਬੰਧਿਤ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਸ਼ਿਵ ਸੈਨਾ ਆਗੂ ਦੇ 2 ਪੁਲਿਸ ਗੰਨਮੈਨਾਂ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ। ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ। ਇਹ ਜਾਣਕਾਰੀ ਸ੍ਰੀ ਮੁਕਤਸਰ ਸਾਹਿਬ ਦੇ ਐਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ ਵਲੋਂ ਸਾਂਝੀ ਕੀਤੀ ਗਈ ਹੈ। ਦੂਜੇ ਪਾਸੇ ਸਿੱਖ ਜਥੇਬੰਦੀਆਂ ਦੀ ਅੱਜ ਇਥੇ ਗੁਰਦੁਆਰਾ ਤਰਨਤਾਰਨ ਸਾਹਿਬ ਵਿਖੇ ਮੀਟਿੰਗ ਹੋਈ, ਜਿਸ ਵਿਚ ਬੁਲਾਰਿਆਂ ਨੇ ਕਿਹਾ ਕਿ ਮੁੱਖ ਬੰਦੇ ਗ੍ਰਿਫਤਾਰ ਨਹੀਂ ਕੀਤੇ ਗਏ ਅਤੇ ਪਿਛਲੇ ਪਾਸੇ ਵਾਲੇ ਹੀ ਫੜੇ ਗਏ ਹਨ, ਜਿਸ ਕਰਕੇ 13 ਜੂਨ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ 9 ਵਜੇ ਵੱਡਾ ਇਕੱਠ ਕਰਕੇ ਇਨਸਾਫ ਲਈ ਸੰਘਰਸ਼ ਆਰੰਭਿਆ ਜਾਵੇਗਾ।