ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਨੇ ਸੁਖਬੀਰ ਸਿੰਘ ਬਾਦਲ ਨੂੰ ਪੇਸ਼ ਹੋਣ ਲਈ ਹੋਰ 20 ਦਿਨ ਦਾ ਦਿੱਤਾ ਸਮਾਂ

ਅੰਮ੍ਰਿਤਸਰ, 15 ਜੂਨ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਮੇਤ ਪੰਜ ਪਿਆਰੇ ਸਾਹਿਬਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋਣ ਲਈ 20 ਦਿਨ ਦਾ ਹੋਰ ਸਮਾਂ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਭਾਈ ਬਲਦੇਵ ਸਿੰਘ, ਵਧੀਕ ਹੈਡ ਗ੍ਰੰਥੀ ਭਾਈ ਦਲੀਪ ਸਿੰਘ ਅਤੇ ਭਾਈ ਗੁਰਦਿਆਲ ਸਿੰਘ ਸਮੇਤ ਪੰਜ ਪਿਆਰੇ ਸਾਹਿਬਾਨ ਵਲੋਂ ਪਿਛਲੇ ਦਿਨੀ ਸੁਖਬੀਰ ਸਿੰਘ ਬਾਦਲ ਨੂੰ ਜੋ ਤਖ਼ਤ ਸਾਹਿਬ ਵਿਖੇ ਤਲਬ ਕੀਤੇ ਜਾਣ ਦਾ ਆਦੇਸ਼ ਜਾਰੀ ਕੀਤਾ ਗਿਆ ਸੀ, ਉਸ ਦੀ ਮਿਆਦ 10 ਜੂਨ ਨੂੰ ਖ਼ਤਮ ਹੋ ਗਈ ਸੀ। ਹੁਣ ਉਪਰੋਕਤ ਪੰਜ ਪਿਆਰੇ ਸਾਹਿਬਾਨ ਨੇ ਨਵਾਂ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਫੋਨ ਰਾਹੀਂ ਕੀਤੀ ਗਈ ਅਪੀਲ 'ਤੇ ਸੁਖਬੀਰ ਸਿੰਘ ਬਾਦਲ ਨੂੰ ਪੇਸ਼ ਹੋਣ ਲਈ ਹੋਰ 20 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਪੰਜ ਪਿਆਰੇ ਸਾਹਿਬਾਨ ਵਲੋਂ ਜਾਰੀ ਆਦੇਸ਼ ਅਨੁਸਾਰ ਹੁਣ ਸੁਖਬੀਰ ਸਿੰਘ ਬਾਦਲ 30 ਜੂਨ ਤੱਕ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋ ਸਕਦੇ ਹਨ।