JALANDHAR WEATHER

350 ਸਾਲਾ ਸ਼ਤਾਬਦੀ ਨੂੰ ਸਮਰਪਿਤ 5- 6 ਜੁਲਾਈ ਨੂੰ ਪਟਿਆਲਾ ਵਿਖੇ ਸਜਾਏ ਜਾਣਗੇ ਗੁਰਮਤਿ ਸਮਾਗਮ

ਅੰਮ੍ਰਿਤਸਰ, 1 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ 5 ਤੇ 6 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ, ਪਾਤਸ਼ਾਹੀ ਨੌਵੀਂ, ਪਟਿਆਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਨਵੰਬਰ 2025 ਵਿਚ ਮਨਾਈ ਜਾ ਰਹੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਦੇਸ਼ ਭਰ ਅੰਦਰ ਗੁਰਮਤਿ ਸਮਾਗਮ ਅਤੇ ਸੈਮੀਨਾਰ ਉਲੀਕੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ ਅਤੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ 5 ਤੇ 6 ਜੁਲਾਈ ਨੂੰ ਨੌਵੇਂ ਪਾਤਸ਼ਾਹ ਜੀ ਨਾਲ ਸੰਬੰਧਿਤ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਸਮਾਗਮ ਉਲੀਕਿਆ ਗਿਆ ਹੈ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ 5 ਜੁਲਾਈ ਨੂੰ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਭਾਸ਼ਣ, ਕਵੀਸ਼ਰੀ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ ਜਾਵੇਗਾ। ਇਸ ਦਿਨ ਵਿਦਿਆਰਥੀਆਂ ਵਲੋਂ ਵਿਸ਼ੇਸ਼ ਤੌਰ ’ਤੇ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ। 6 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ