ਮੁਹਾਲੀ ਜਾ ਰਹੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਪੁਲਿਸ ਨੇ ਬਡਬਰ ਟੋਲ ਪਲਾਜ਼ੇ ’ਤੇ ਘੇਰਿਆ

ਬਰਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੁਹਾਲੀ ਅਦਾਲਤ ਵਿਚ ਪੇਸ਼ੀ ਮੌਕੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਉੱਥੇ ਪਹੁੰਚ ਕੇ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਇਕੱਠ ਰੱਖਿਆ ਗਿਆ ਹੈ ਪਰ ਪੁਲਿਸ ਵਲੋਂ ਉਨ੍ਹਾਂ ਨੂੰ ਉੱਥੇ ਪਹੁੰਚਣ ਤੋਂ ਰੋਕਣ ਲਈ ਰਸਤੇ ਵਿਚ ਹੀ ਘੇਰਿਆ ਜਾ ਰਿਹਾ ਹੈ। ਜ਼ਿਲ੍ਹਾ ਬਰਨਾਲਾ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਵੀ ਪੁਲਿਸ ਵਲੋਂ ਬਡਬਰ ਟੋਲ ਪਲਾਜ਼ੇ ਉੱਪਰ ਘੇਰ ਲਿਆ ਗਿਆ ਹੈ, ਜਿਨ੍ਹਾਂ ਵਲੋਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਤੰਤਰ ਦਾ ਗਲਾ ਘੁੱਟ ਰਹੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਤੋਂ ਬਿਲਕੁਲ ਵੀ ਨਹੀਂ ਡਰਨਗੇ ਅਤੇ ਡੱਟ ਕੇ ਮੁਕਾਬਲਾ ਕਰਨਗੇ। ਰੋਕੇ ਜਾਣ ਵਾਲੇ ਆਗੂਆਂ ਵਿਚ ਸੀਨੀਅਰ ਆਗੂ ਸੰਜੀਵ ਸ਼ੋਰੀ, ਤਜਿੰਦਰ ਸਿੰਘ ਸੋਨੀ ਜਾਗਲ, ਸੁਰਜੀਤ ਸਿੰਘ ਠੀਕਰੀਵਾਲਾ, ਬੇਅੰਤ ਸਿੰਘ ਬਾਠ, ਸੁਖਪਾਲ ਸਿੰਘ ਰੁਪਾਣਾ, ਅਵਤਾਰ ਸਿੰਘ ਜਾਗਲ ਸਮੇਤ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਸ਼ਾਮਿਲ ਹਨ।