ਰੋਕਾਂ ਦੇ ਬਾਵਜੂਦ ਜ਼ਿਲ੍ਹਾ ਯੂਥ ਇੰਚਾਰਜ ਹਰਪਾਲ ਸਿੰਘ ਖਡਿਆਲ ਸਾਥੀਆਂ ਸਮੇਤ ਪੁੱਜੇ ਮੋਹਾਲੀ

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 2 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)- ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੋਹਾਲੀ ਅਦਾਲਤ ’ਚ ਪੇਸ਼ੀ ਮੌਕੇ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਹੋਣ ਵਾਲੇ ਇਕੱਠ ਨੂੰ ਰੋਕਣ ਲਈ ਪੁਲਿਸ ਵਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਸੀ ਅਤੇ ਰਸਤਿਆਂ ਵਿਚ ਬੈਰੀਕੇਡ ਲਗਾਏ ਗਏ ਸਨ। ਇਸ ਦੇ ਬਾਵਜੂਦ ਜ਼ਿਲ੍ਹਾ ਯੂਥ ਵਿੰਗ ਦੇ ਇੰਚਾਰਜ ਹਰਪਾਲ ਸਿੰਘ ਖਡਿਆਲ ਆਪਣੇ ਸਾਥੀਆਂ ਸਮੇਤ ਮੋਹਾਲੀ ਪਹੁੰਚਣ ਵਿਚ ਸਫ਼ਲ ਹੋ ਗਏ ਹਨ। ਇਸ ਸਮੇਂ ਫੋਨ ’ਤੇ ਗੱਲ ਕਰਦਿਆਂ ਅਕਾਲੀ ਆਗੂ ਹਰਪਾਲ ਸਿੰਘ ਖਡਿਆਲ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵਲੋਂ ਅਣ-ਐਲਾਨੀ ਐਮਰਜੈਂਸੀ ਲਗਾ ਦਿੱਤੀ ਗਈ ਹੈ। ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਥਾਂ ਥਾਂ ਰੋਕ ਕੇ ਹਿਰਾਸਤ ਵਿਚ ਲਿਆ ਜਾ ਰਿਹਾ ਹੈ ਜਾਂ ਘਰਾਂ ਵਿਚ ਨਜ਼ਰਬੰਦ ਕੀਤਾ ਜਾ ਰਿਹਾ ਹੈ। ਸਰਕਾਰ ਦੀ ਇਸ ਧੱਕੇਸ਼ਾਹੀ ਦਾ ਜਵਾਬ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਜ਼ਰੂਰ ਦੇਣਗੇ।