350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਵੇਗੀ ਇਕੱਤਰਤਾ

ਅੰਮ੍ਰਿਤਸਰ, 2 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸੰਬੰਧੀ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਬਣਾਈ ਗਈ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ 8 ਜੁਲਾਈ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਮੁੱਖ ਦਫਤਰ ਵਿਖੇ ਬੁਲਾਈ ਗਈ ਹੈ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਇਤਿਹਾਸਕ ਸ਼ਤਾਬਦੀ ਸਬੰਧੀ ਦੇਸ਼ ਭਰ ਅੰਦਰ ਵੱਖ-ਵੱਖ ਗੁਰਮਤਿ ਸਮਾਗਮ, ਸੈਮੀਨਾਰ ਅਤੇ ਨਗਰ ਕੀਰਤਨਾਂ ਦਾ ਆਯੋਜਨ ਕੀਤਾ ਜਾਵੇਗਾ। ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਮਾਣਯੋਗ ਪ੍ਰਧਾਨ ਸਾਹਿਬ ਵਲੋਂ ਬੀਤੇ ਦਿਨੀਂ ਇਕ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਵਿਚ ਵੱਖ-ਵੱਖ ਸਿੱਖ ਅਤੇ ਪੰਥਕ ਜਥੇਬੰਦੀਆਂ ਦੇ ਆਗੂ ਸਾਹਿਬਾਨ ਅਤੇ ਸਿੱਖ ਵਿਦਵਾਨਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਵਾਸਤੇ ਵਿਚਾਰ-ਵਟਾਂਦਰੇ ਲਈ ਇਸ ਤਾਲਮੇਲ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਵੇਗੀ।