1200 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਤੇ 400 ਕਿੱਲੋ ਲਾਹਣ ਬਰਾਮਦ

ਅਜਨਾਲਾ, 3 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਮਨਿੰਦਰ ਸਿੰਘ ਦੀਆਂ ਹਦਾਇਤਾਂ ਅਤੇ ਡੀ.ਐੱਸ.ਪੀ. ਰਾਜਾਸਾਂਸੀ ਇੰਦਰਜੀਤ ਸਿੰਘ ਦੀ ਅਗਵਾਈ ਵਿਚ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵਲੋਂ ਨਾਜਾਇਜ਼ ਦੇਸੀ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਿਲ ਕਰਦਿਆਂ 1200 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਅਤੇ 400 ਲੀਟਰ ਕੱਚੀ ਲਾਹਣ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਗਿਆ ਹੈ। ਜਾਣਕਾਰੀ ਸਾਂਝੀ ਕਰਦਿਆਂ ਡੀ.ਐੱਸ.ਪੀ. ਇੰਦਰਜੀਤ ਸਿੰਘ ਅਤੇ ਐੱਸ.ਐੱਚ.ਓ. ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁਖਚੈਨ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਭਿੰਡੀ ਸੈਦਾਂ ਆਪਣੇ ਘਰ ਵਿਚ ਭਾਰੀ ਮਾਤਰਾ ਵਿਚ ਨਾਜਾਇਜ਼ ਦੇਸੀ ਸ਼ਰਾਬ ਤਿਆਰ ਕਰਕੇ ਅੱਗੇ ਸਪਲਾਈ ਕਰਦਾ ਹੈ, ਜਿਸ ਉਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਬਣਾ ਕੇ ਉਕਤ ਜਗ੍ਹਾ ਉਤੇ ਰੇਡ ਕੀਤੀ ਅਤੇ ਰੇਡ ਦੌਰਾਨ ਹੋਈ ਚੈਕਿੰਗ ਵਿਚ 1200 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਅਤੇ 400 ਕਿੱਲੋ ਲਾਹਣ ਬਰਾਮਦ ਹੋਈ। ਉਨ੍ਹਾਂ ਅੱਗੇ ਦੱਸਿਆ ਕਿ ਨਾਜਾਇਜ਼ ਦੇਸੀ ਸ਼ਰਾਬ ਅਤੇ ਲਾਹਣ ਬਰਾਮਦਗੀ ਸਬੰਧੀ ਸੁਖਚੈਨ ਸਿੰਘ ਖ਼ਿਲਾਫ਼ ਥਾਣਾ ਭਿੰਡੀ ਸੈਦਾਂ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਦੀ ਭਾਲ ਵਿਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।