ਪਾਕਿਸਤਾਨ ਤੋਂ ਮੰਗਵਾਈ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ

ਫਿਰੋਜ਼ਪੁਰ, 8 ਜੁਲਾਈ (ਗੁਰਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਏ.ਐੱਨ.ਟੀ.ਐੱਫ. ਫ਼ਿਰੋਜ਼ਪੁਰ ਰੇਂਜ ਵਲੋਂ 2 ਵੱਖ-ਵੱਖ ਮਾਮਲਿਆਂ ਵਿਚ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਕਿਲੋ 393 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਏ.ਐੱਨ.ਟੀ.ਐੱਫ. ਫ਼ਿਰੋਜ਼ਪੁਰ ਰੇਂਜ ਦੇ ਏ.ਆਈ.ਜੀ. ਸੋਹਨ ਲਾਲ ਸੋਨੀ ਨੇ ਕਿਹਾ ਕਿ ਦੋਸ਼ੀਆਂ ਵਲੋਂ ਹੈਰੋਇਨ ਦੀ ਇਹ ਖੇਪ ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਈ ਗਈ ਸੀ।
ਦੱਸਣਯੋਗ ਹੈ ਕਿ 6 ਜੁਲਾਈ ਨੂੰ ਵੀ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਨੇ ਐੱਨ.ਡੀ.ਪੀ.ਐੱਸ. ਐਕਟ ਤਹਿਤ 3 ਵੱਖ-ਵੱਖ ਮਾਮਲਿਆ ਵਿਚ ਮਾਂ-ਪੁੱਤ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਕਿਲੋ 495 ਗ੍ਰਾਮ ਹੈਰੋਇਨ, 30 ਗ੍ਰਾਮ ਅਫ਼ੀਮ, 2 ਮੋਟਰਸਾਈਕਲ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਸਨ। ਇਸ ਤੋਂ ਇਲਾਵਾ ਅਸਲਾ ਐਕਟ ਤਹਿਤ ਇਕ ਮੁਕਦਮੇ ਵਿਚ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 2 ਪਿਸਤੌਲ 32 ਬੋਰ ਸਮੇਤ 17 ਜ਼ਿੰਦਾ ਰੌਂਦ 32 ਬੋਰ, ਫੋਨ ਤੇ ਸਵਿਫਟ ਕਾਰ ਬਰਾਮਦ ਕੀਤੀ ਸੀ।
ਜ਼ਿਕਰਯੋਗ ਹੈ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਨਸ਼ਾ ਬਰਾਮਦ ਕੀਤਾ ਜਾ ਚੁੱਕਾ ਹੈ ਤੇ ਕਈ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਨਸ਼ਾ ਤਸਕਰਾਂ ਵਲੋਂ ਬਣਾਈਆਂ ਗਈਆਂ ਜਾਇਦਾਦਾਂ 'ਤੇ ਪੀਲਾ ਪੰਜਾ ਵੀ ਚਲਾਇਆ ਜਾ ਰਿਹਾ ਹੈ।