ਸ਼੍ਰੋਮਣੀ ਕਮੇਟੀ ਵਲੋਂ ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ


ਅੰਮ੍ਰਿਤਸਰ, 9 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਰਹੇ ਅਤੇ ਮੁਗਲ ਹਕੂਮਤ ਵਲੋਂ ਬੰਦ ਬੰਦ ਕੱਟ ਕੇ ਸ਼ਹੀਦ ਕੀਤੇ ਗਏ ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਖਾਲਸਾ ਦੇ ਹਜ਼ੂਰੀ ਰਾਗੀ ਜਥੇ ਵਲੋਂ ਸ਼ਬਦ ਗਾਇਨ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਅਤੇ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਇਤਿਹਾਸ ਅਤੇ ਸ਼ਹਾਦਤ ਤੋਂ ਜਾਣੂ ਕਰਵਾਇਆ। ਇਸ ਮੌਕੇ ਮੁੱਖ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਹਰਮਿੱਤਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ, ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ, ਗੁਰਪਿੰਦਰ ਪਾਲ ਸਿੰਘ, ਜਰਮਨਜੀਤ ਸਿੰਘ ਅਤੇ ਹੋਰ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀ ਕਰਮਚਾਰੀ ਅਤੇ ਸੰਗਤਾਂ ਹਾਜ਼ਰ ਸਨ।