ਦੇਸ਼ ਵਿਆਪੀ ਹੜਤਾਲ ਦਾ ਕਪੂਰਥਲਾ ਵਿਚ ਅਸਰ, ਵੱਖ-ਵੱਖ ਜਥੇਬੰਦੀਆਂ ਨੇ ਬੱਸ ਸਟੈਂਡ ਦਿੱਤਾ ਧਰਨਾ

ਕਪੂਰਥਲਾ, 9 ਜੁਲਾਈ (ਅਮਰਜੀਤ ਕੋਮਲ)- ਕੇਂਦਰੀ ਟਰੇਡ ਯੂਨੀਅਨ, ਸੁਤੰਤਰ ਖੇਤਰੀ ਫੈਡਰੇਸ਼ਨ/ਐਸੋਸੀਏਸ਼ਨਾਂ ਦੇ ਸਾਂਝੇ ਫੋਰਮ ਵਲੋਂ ਅੱਜ 9 ਜੁਲਾਈ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦੇ ਸੰਬੰਧ ਵਿਚ ਪੈਨਸ਼ਨਰਜ਼ ਐਸੋਸੀਏਸ਼ਨ, ਬਿਜਲੀ ਮੁਲਾਜ਼ਮਾਂ ਦੇ ਯੂਨੀਅਨ, ਅਧਿਆਪਕ ਯੂਨੀਅਨ, ਟਰਾਂਸਪੋਰਟ, ਆਸ਼ਾ ਵਰਕਰ, ਆਂਗਨਵਾੜੀ ਵਰਕਰ ਤੇ ਵੱਡੀ ਗਿਣਤੀ ਵਿਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਵਲੋਂ ਬੱਸ ਸਟੈਂਡ ਨਜ਼ਦੀਕ ਰੈੱਡ ਕਰਾਸ ਭਵਨ ਦੇ ਸਾਹਮਣੇ ਵਿਸ਼ਾਲ ਧਰਨਾ ਦੇ ਕੇ ਕੇਂਦਰ ਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਕਿਸਾਨ ਜੇਥੇਬੰਦੀਆਂ ਦੇ ਆਗੂ ਰਸ਼ਪਾਲ ਸਿੰਘ ਫਜਲਾਬਾਦ, ਐਡਵੋਕੇਟ ਰਜਿੰਦਰ ਸਿੰਘ ਰਾਣਾ, ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ ਬੰਨੇਮੱਲ, ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਗੁਰਪ੍ਰੀਤ ਸਿੰਘ ਪੰਨੂੰ ਤੇ ਹੋਰ ਆਗੂਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਮੁਲਾਜ਼ਮ, ਕਿਸਾਨ ਤੇ ਲੋਕ ਮਾਰੂ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ, ਜਿਸ ਨੂੰ ਕਦੇ ਵੀ ਸਵੀਕਾਰ ਨਹੀਂ ਕੀਤਾ ਜਾਵੇਗਾ।
ਇਨ੍ਹਾਂ ਆਗੂਆਂ ਨੇ ਕਿਹਾ ਕਿ ਅੱਜ ਦੀ ਹੜਤਾਲ ਵਿਚ ਵੱਡੀ ਗਿਣਤੀ ਵਿਚ ਵੱਖ-ਵੱਖ ਮੁਲਾਜ਼ਮ, ਕਿਸਾਨ ਤੇ ਹੋਰ ਭਰਾਤਰੀ ਜਥੇਬੰਦੀਆਂ ਨੇ ਪਹੁੰਚ ਕੇ ਸਾਬਤ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਹਾਲ ਵਿਚ ਲੋਕ ਮਾਰੂ ਨੀਤੀਆਂ ਨੂੰ ਲਾਗੂ ਨਹੀਂ ਹੋਣ ਦੇਣਗੇ ਤੇ ਹਰੇਕ ਵਧੀਕੀ ਦਾ ਡੱਟ ਕੇ ਮੁਕਾਬਲਾ ਕਰਨਗੇ। ਇਸੇ ਦੌਰਾਨ ਹੀ ਰੇਲ ਕੋਚ ਫੈਕਟਰੀ ਵਿਚ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਨੇ ਧਰਨਾ ਦੇ ਕੇ ਕੇਂਦਰ ਸਰਕਾਰ ਦੀ ਮੁਲਾਜ਼ਮ ਤੇ ਮਜ਼ਦੂਰ ਵਿਰੋਧੀ ਨੀਤੀਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ।