ਰਾਜਪਾਲ ਪੰਜਾਬ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਸ੍ਰੀ ਅਨੰਦਪੁਰ ਸਾਹਿਬ/ਅੰਮ੍ਰਿਤਸਰ, 11 ਜੁਲਾਈ-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਕਟਾਰੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਉਨ੍ਹਾਂ ਦੇ ਰਿਹਾਇਸ਼ ਦਫ਼ਤਰ ਵਿਖੇ ਪੁੱਜ ਕੇ ਵਿਸ਼ੇਸ਼ ਮੁਲਾਕਾਤ ਕੀਤੀ। ਜਥੇਦਾਰ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਰਾਜਪਾਲ ਕਟਾਰੀਆ ਨੂੰ ਸਿਰੋਪਾਓ, ਲੋਈ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਮੁਲਾਕਾਤ ਦੌਰਾਨ ਕਟਾਰੀਆ ਅਤੇ ਜਥੇਦਾਰ ਗੜਗੱਜ ਵਿਚਕਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਤਾਬਦੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਵਿਚ ਸਖ਼ਤ ਕਾਨੂੰਨ, ਚਮਕੌਰ ਸਾਹਿਬ ਦੇ ਨੇੜੇ ਪੇਪਰ ਫੈਕਟਰੀ ਅਤੇ ਮੱਤੇਵਾੜਾ ਜੰਗਲ ਨੇੜੇ ਵੱਸਦੇ ਗ਼ਰੀਬ ਪਰਿਵਾਰਾਂ ਦੇ ਉਜਾੜੇ, ਪੰਜਾਬ ਅੰਦਰ ਪੁਲਿਸ ਮੁਕਾਬਲੇ, ਧਰਮ ਪਰਿਵਰਤਨ ਆਦਿ ਜਿਹੇ ਅਹਿਮ ਮਾਮਲਿਆਂ ਉੱਤੇ ਵਿਚਾਰਾਂ ਹੋਈਆਂ।
ਮੁਲਾਕਾਤ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਬਹੁਤ ਚੰਗੇ ਮਾਹੌਲ ਵਿਚ ਗੱਲਬਾਤ ਹੋਈ, ਜਿਸ ਦੌਰਾਨ ਉਨ੍ਹਾਂ ਕੋਲ ਉਠਾਏ ਗਏ ਮਾਮਲਿਆਂ ਨੂੰ ਰਾਜਪਾਲ ਨੇ ਗੌਰ ਨਾਲ ਸੁਣਿਆ ਅਤੇ ਲੋੜੀਂਦੀ ਕਾਰਵਾਈ ਦੀ ਗੱਲ ਆਖੀ। ਜਥੇਦਾਰ ਗੜਗੱਜ ਨੇ ਕਿਹਾ ਕਿ ਰਾਜਪਾਲ ਨੂੰ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਪੂਰੇ ਦੇਸ਼ ਅਤੇ ਵਿਸ਼ਵ ਵਿਚ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੇ ਸਿਧਾਂਤ ਨੂੰ ਦਰਸਾਉਂਦਿਆਂ ਚੰਗੇ ਤਰੀਕੇ ਨਾਲ ਮਨਾਈ ਜਾਣੀ ਚਾਹੀਦੀ ਹੈ। ਰਾਜਪਾਲ ਕਟਾਰੀਆ ਨੂੰ ਇਹ ਸੁਝਾਅ ਦਿੱਤਾ ਗਿਆ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਅਤੇ ਸਲਾਹ ਨਾਲ ਮਨਾਈ ਜਾਵੇ ਕਿਉਂਕਿ ਇਹ ਸਿੱਖਾਂ ਦੀ ਨੁਮਾਇੰਦਾ ਕੇਂਦਰੀ ਧਾਰਮਿਕ ਸੰਸਥਾ ਹੈ ਜੋ ਕਿ ਗੁਰਮਤਿ ਸਮਾਗਮਾਂ ਵਿਚ ਸਿੱਖ ਰਵਾਇਤਾਂ, ਮਰਿਯਾਦਾ ਅਤੇ ਸਿਧਾਂਤਾਂ ਦੀ ਬਿਹਤਰ ਤਰਜਮਾਨੀ ਕਰਦੀ ਹੈ।