ਭ੍ਰਿਸ਼ਟਾਚਾਰ ਮਾਮਲੇ ਵਿਚ ਗ੍ਰਿਫਤਾਰ ਰਮਨ ਅਰੋੜਾ ਤੇ ਕੁੜਮ ਦੀ ਜ਼ਮਾਨਤ ਅਰਜ਼ੀ ਖਾਰਿਜ
ਚੰਡੀਗੜ੍ਹ, 11 ਜੁਲਾਈ (ਚੰਨਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮਈ ਮਹੀਨੇ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤੇ ਗਏ ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਅਤੇ ਨਗਰ ਨਿਗਮ ਦੀ ਇੰਸਪੈਕਟਰ ਹਰਪ੍ਰੀਤ ਕੌਰ ਜੋ ਕਿ ਇਸ ਸਮੇਂ ਜੁਡੀਸ਼ੀਅਲ ਹਿਰਾਸਤ ਵਿਚ ਹਨ, ਦੀ ਰੈਗੂਲਰ ਜ਼ਮਾਨਤ ਅਤੇ ਰਮਨ ਅਰੋੜਾ ਦੇ ਕੁੜਮ ਰਾਜ ਕੁਮਾਰ ਮਦਾਨ, ਜਿਸ ਨੇ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਲਗਾਈ ਸੀ, ਅਦਾਲਤ ਨੇ ਰੱਦ ਕੀਤੇ ਜਾਣ ਦਾ ਹੁਕਮ ਦਿੱਤਾ ਹੈ। ਇਨ੍ਹਾਂ ਸਾਰਿਆਂ ਖਿਲਾਫ 14 ਮਈ 2025 ਨੂੰ ਵਿਜੀਲੈਂਸ ਬਿਊਰੋ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।
ਰਮਨ ਅਰੋੜਾ ਆਪਣੇ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਪਿਛਲੇ ਇਕ ਮਹੀਨੇ ਤੋਂ ਜੇਲ੍ਹ ਵਿਚ ਹਨ, ਜਿਸ ਤੋਂ ਬਾਅਦ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 11 ਜੁਲਾਈ ਨੂੰ ਅਦਾਲਤ ਵਿਚ ਵਿਚਾਰ ਅਧੀਨ ਸੀ। ਦੇਰ ਸ਼ਾਮ ਨੂੰ ਮਾਣਯੋਗ ਅਦਾਲਤ ਨੇ ਤਿੰਨਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ, ਜਿਸ ਕਾਰਨ ਹੁਣ ਉਨ੍ਹਾਂ ਨੂੰ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਾ ਪਵੇਗਾ।