ਅਸ਼ਵਨੀ ਸ਼ਰਮਾ ਨੇ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ, 13 ਜੁਲਾਈ - ਅਸ਼ਵਨੀ ਸ਼ਰਮਾ ਨੇ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ।ਚੰਡੀਗੜ੍ਹ ਦੇ ਸੈਕਟਰ 37 ਵਿਖੇ ਹੋਏ ਸਮਾਗਮ ਵਿਚ ਉਨ੍ਹਾਂ ਨੇ ਅਹੁਦਾ ਸੰਭਾਲਿਆ। ਇਸ ਮੌਕੇ 'ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੋਂ ਇਲਾਵਾ ਹੋਰ ਭਾਜਪਾ ਆਗੂ ਅਤੇ ਵਰਕਰ ਮੌਜੂਦ ਸਨ, ਜਿਨ੍ਹਾਂ ਨੇ ਅਸ਼ਵਨੀ ਸ਼ਰਮਾ ਨੂੰ ਅਹੁਦਾ ਸੰਭਾਲਣ 'ਤੇ ਮੁਬਾਰਕਬਾਦ ਦਿੱਤੀ। ਉਨਾਂ ਆਸ ਪ੍ਰਗਟਾਈ ਕਿ ਅਸ਼ਵਨੀ ਸ਼ਰਮਾ ਦੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ।
ਦੱਸ ਦਈਏ ਕਿ ਭਾਜਪਾ ਨੇ ਪੰਜਾਬ ਦੇ ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਪਿਛਲੇ ਦਿਨੀਂ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਸੀ। ਪੰਜਾਬ ਭਾਜਪਾ ਦੇ ਪ੍ਰਧਾਨ ਦਾ ਅਹੁਦਾ ਸੁਨੀਲ ਜਾਖੜ ਕੋਲ ਹੀ ਰਹੇਗਾ। ਅਸ਼ਵਨੀ ਸ਼ਰਮਾ ਹੁਣ ਸੁਨੀਲ ਜਾਖੜ ਦੇ ਨਾਲ ਕੰਮ ਕਰਨਗੇ।
ਜ਼ਿਕਰਯੋਗ ਹੈ ਕਿ ਅਸ਼ਵਨੀ ਸ਼ਰਮਾ ਪਹਿਲਾਂ ਜਨਵਰੀ 2020 ਤੋਂ ਜੁਲਾਈ 2023 ਤੱਕ ਪੰਜਾਬ ਪ੍ਰਧਾਨ ਰਹਿ ਚੁੱਕੇ ਹਨ। ਭਾਜਪਾ ਦੀ ਕੌਮੀ ਲੀਡਰਸ਼ਿਪ ਵਲੋਂ ਪੰਜਾਬ ਵਿਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਜਥੇਬੰਧਕ ਢਾਂਚੇ ਦੀ ਮਜ਼ਬੂਤੀ ਲਈ ਕਾਰਜ ਕੀਤੇ ਜਾ ਰਹੇ ਹਨ।