ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤੀ ਜਾਵੇਗੀ ਲੈਂਡ ਪੂਲਿੰਗ ਨੀਤੀ- ਰਾਜਾ ਵੜਿੰਗ

ਲੁਧਿਆਣਾ, 14 ਜੁਲਾਈ (ਜਤਿੰਦਰ ਭੰਬੀ) -‘ਆਪ’ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਿਲਾਫ਼ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਗਲਾਡਾ ਦਫ਼ਤਰ ਦੇ ਬਾਹਰ ਲਗਾਏ ਜਾਣ ਵਾਲੇ ਧਰਨੇ ਨੂੰ ਲੈ ਕੇ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਪਹੁੰਚੇ ਹਨ। ਭਾਰੀ ਮੀਂਹ ਦੇ ਬਾਵਜੂਦ ਵੀ ਕਾਂਗਰਸ ਪਾਰਟੀ ਵਲੋਂ ਪੰਜਾਬ ਸਰਕਾਰ ਖਿਲਾਫ਼ ਕੀਤੀ ਜਾ ਰਹੀ ਜ਼ੋਰਦਾਰ ਨਾਅਰੇਬਾਜ਼ੀ ਕਾਰਨ ਵਰਕਰਾਂ ਵਿਚ ਜੋਸ਼ ਦੇਖਣ ਨੂੰ ਮਿਲਿਆ।
ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ਅਨੁਸਾਰ ਇਸ ਧਰਨੇ ਨੂੰ ਸਫ਼ਲ ਬਣਾਉਣ ਲਈ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸੰਜੇ ਤਲਵਾਰ, ਸਾਬਕਾ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਵਲੋਂ ਮੀਟਿੰਗਾਂ ਕਰਕੇ ਵਰਕਰਾਂ ਦੀਆਂ ਵੱਡੇ ਪੱਧਰ ’ਤੇ ਡਿਊਟੀਆਂ ਲਗਾਈਆਂ ਗਈਆਂ ਸਨ। ਇਸ ਮੌਕੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਜ਼ਮੀਨ ਕਿਸਾਨ ਦੀ ਮਾਂ ਹੁੰਦੀ ਹੈ ਅਤੇ ਪੰਜਾਬ ਸਰਕਾਰ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਨਹੀਂ ਦਿੱਤੀਆਂ ਜਾਣਗੀਆਂ। ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।