ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀਆਂ ਮਿਲਣ ਦੇ ਮਾਮਲੇ ’ਚ ਤਾਮਿਲਨਾਡੂ ਤੋਂ 2 ਗਿ੍ਫ਼ਤਾਰ

ਅੰਮ੍ਰਿਤਸਰ, 18 ਜੁਲਾਈ (ਰੇਸ਼ਮ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀਆਂ ਦੇਣ ਦੇ ਮਾਮਲੇ ’ਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਤਾਮਿਲਨਾਡੂ ਦੇ ਰਹਿਣ ਵਾਲੇ ਦੱਸੇ ਗਏ ਹਨ। ਪੁਲਿਸ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਤਮਿਲਨਾਡੂ ਤੋਂ ਲੈ ਕੇ ਆਈ ਹੈ। ਇਸ ਸੰਬੰਧੀ ਅੱਜ ਪ੍ਰੈਸ ਕਾਨਫ਼ਰੰਸ ਕੀਤੇ ਜਾਣ ਦੀ ਸੰਭਾਵਨਾ ਹੈ। ਹਾਲਾਂਕਿ ਪੁਲਿਸ ਵਲੋਂ ਅਜੇ ਤੱਕ ਇਸ ਸੰਬੰਧੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗੀ ਹੈ।
ਦੱਸ ਦੇਈਏ ਕਿ 14 ਜੁਲਾਈ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੂੰ ਪੰਜ ਧਮਕੀ ਭਰੇ ਈ.ਮੇਲ ਮਿਲੇ ਹਨ। ਇਨ੍ਹਾਂ ਵਿਚ ਸ੍ਰੀ ਹਰਿਮੰਦਰ ਸਾਹਿਬ ਨੂੰ ਆਰ.ਡੀ.ਐਕਸ. ਨਾਲ ਉਡਾਉਣ ਦੀ ਗੱਲ ਕੀਤੀ ਗਈ ਸੀ। ਮੇਲ ਤੋਂ ਬਾਅਦ, ਅੰਮ੍ਰਿਤਸਰ ਵਿਚ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਅਤੇ ਗੁਰਦੁਆਰਾ ਪਰਿਸਰ ਸਮੇਤ ਆਲੇ ਦੁਆਲੇ ਦੇ ਇਲਾਕਿਆਂ ਵਿਚ ਸਖ਼ਤ ਸੁਰੱਖਿਆ ਦੇ ਨਾਲ ਇਕ ਤਲਾਸ਼ੀ ਮੁਹਿੰਮ ਚਲਾਈ ਗਈ।
ਤਾਮਿਲਨਾਡੂ ਤੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਜੇ ਤੱਕ ਸਾਹਮਣੇ ਨਹੀਂ ਆਈ ਹੈ, ਪਰ ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਕੁਝ ਮਹੱਤਵਪੂਰਨ ਸੁਰਾਗ ਮਿਲ ਸਕਦੇ ਹਨ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਕੀ ਇਹ ਇਕ ਸਾਈਬਰ ਹਮਲਾ ਸੀ ਜਾਂ ਇਸ ਪਿੱਛੇ ਕੋਈ ਸੰਗਠਿਤ ਨੈੱਟਵਰਕ ਹੈ ਜਾਂ ਕੋਈ ਕੱਟੜਪੰਥੀ ਸਾਜ਼ਿਸ਼ ਹੈ। ਸ਼੍ਰੋਮਣੀ ਕਮੇਟੀ ਦੇ ਮੁਖੀ ਹਰਜਿੰਦਰ ਸਿੰਘ ਧਾਮੀ ਨੇ ਇਸ ਪੂਰੀ ਘਟਨਾ ’ਤੇ ਚਿੰਤਾ ਪ੍ਰਗਟ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਇਹ ਸਪੱਸ਼ਟ ਨਹੀਂ ਹੈ ਕਿ ਇਹ ਧਮਕੀ ਕਿਸੇ ਸ਼ਰਾਰਤ ਦਾ ਹਿੱਸਾ ਹੈ ਜਾਂ ਕਿਸੇ ਵੱਡੀ ਸਾਜ਼ਿਸ਼ ਦਾ ਸੰਕੇਤ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਸੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਲੋਕਾਂ ਦੀ ਧਾਰਮਿਕ ਆਸਥਾ ਨੂੰ ਠੇਸ ਨਾ ਪਹੁੰਚੇ।