ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਜੇਲ੍ਹ 'ਚ ਨਜ਼ਰਬੰਦ ਮਜੀਠੀਆ ਨਾਲ ਕੀਤੀ ਮੁਲਾਕਾਤ

ਨਾਭਾ, 21 ਜੁਲਾਈ (ਜਗਨਾਰ ਸਿੰਘ ਦੁਲੱਦੀ)-ਆਮਦਨ ਤੋਂ ਵੱਧ ਜਾਇਦਾਦ ਮਾਮਲੇ ਨੂੰ ਲੈ ਕੇ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਸਾਬਕਾ ਅਕਾਲੀ ਦਲ ਦੇ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਅੱਜ ਬਾਅਦ ਦੁਪਹਿਰ ਉਨ੍ਹਾਂ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਵਲੋਂ ਕਰੀਬ ਅੱਧਾ ਘੰਟਾ ਮੁਲਾਕਾਤ ਕੀਤੀ ਗਈ। ਨਵੀਂ ਜ਼ਿਲ੍ਹਾ ਜੇਲ੍ਹ ਦੇ ਬਾਹਰ ਗੇਟ ਉਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਬਿਕਰਮ ਮਜੀਠੀਆ ਜੇਲ੍ਹ ਅੰਦਰ ਚੜ੍ਹਦੀ ਕਲਾ ਵਿਚ ਹਨ।
ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਉਤੇ ਸ਼ਬਦੀ ਹਮਲਾ ਕਰਦੇ ਹੋਏ ਵਕੀਲ ਕਲੇਰ ਨੇ ਕਿਹਾ ਕਿ ਸਰਕਾਰ ਝੂਠੇ ਕੇਸ ਪਾ ਕੇ ਅਕਾਲੀਆਂ ਨੂੰ ਤੰਗ-ਪਰੇਸ਼ਾਨ ਕਰ ਰਹੀ ਹੈ, ਜਿਸ ਦਾ ਖਮਿਆਜ਼ਾ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਭੁਗਤਣਾ ਪਵੇਗਾ। ਬੇਅਦਬੀ ਮੁੱਦੇ ਸਬੰਧੀ ਪੁੱਛੇ ਗਏ ਸਵਾਲ ਵਿਚ ਵਕੀਲ ਕਲੇਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਬੇਅਦਬੀ ਮੁੱਦੇ ਉਤੇ ਸਿਆਸਤ ਕਰ ਰਹੀ ਹੈ ਜੋ ਕਿ ਨਹੀਂ ਕਰਨੀ ਚਾਹੀਦੀ ਅਤੇ ਨਾ ਹੀ ਅਜੇ ਤੱਕ ਕਿਸੇ ਵੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੰਜਾਬ ਸਰਕਾਰ ਵਲੋਂ ਫੜ ਕੇ ਸਜ਼ਾ ਦਿੱਤੀ ਗਈ ਹੈ।
ਅਕਾਲੀ-ਭਾਜਪਾ ਗੱਠਜੋੜ ਹੋਣ ਸਬੰਧੀ ਬੋਲਦਿਆਂ ਵਕੀਲ ਕਲੇਰ ਨੇ ਕਿਹਾ ਕਿ ਇਹ ਦੋਵਾਂ ਪਾਰਟੀਆਂ ਦੀ ਸੀਨੀਅਰ ਲੀਡਰਸ਼ਿਪ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਭਾਜਪਾ ਦਾ ਸਮਝੌਤਾ ਹੁੰਦਾ ਹੈ ਤਾਂ ਉਹ ਮੁੱਦਿਆਂ ਦੇ ਆਧਾਰ ਉਤੇ ਹੋਵੇਗਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮੁੱਦਿਆਂ ਦੀ ਲੜਾਈ ਲੜਦਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਉਹ ਪੰਜਾਬ ਦੀ ਤਰੱਕੀ ਲਈ ਹੀ ਕੰਮ ਕਰੇਗਾ। ਵਕੀਲ ਕਲੇਰ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਤਕੜਾ ਹੋਣਾ ਵੀ ਬਹੁਤ ਜ਼ਰੂਰੀ ਹੈ।