ਵਿਧਾਇਕ ਨੇ ਭਦੌੜ ਦੇ 12 ਪਰਿਵਾਰਾਂ ਨੂੰ 15.98 ਲੱਖ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ

ਤਪਾ ਮੰਡੀ, (ਬਰਨਾਲਾ) 24 ਜੁਲਾਈ (ਵਿਜੇ ਸ਼ਰਮਾ)-ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰਜ਼ਾ ਲੈਣ ਵਾਲੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਵਿਅਕਤੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਸੂਬੇ ਦੇ 4727 ਵਿਅਕਤੀਆਂ ਦਾ 67.84 ਕਰੋੜ ਦਾ ਕਰਜ਼ਾ ਮੁਆਫ਼ ਕੀਤਾ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਭਦੌੜ ਲਾਭ ਸਿੰਘ ਉਗੋਕੇ ਨੇ ਇਥੇ ਪੰਜਾਬ ਅਨੁਸੂਚਿਤ ਜਾਤੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀ ਕਰਜ਼ਾ ਮੁਆਫ਼ੀ ਸਕੀਮ ਅਧੀਨ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਸਰਟੀਫਿਕੇਟ ਵੰਡਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਹਲਕਾ ਭਦੌੜ ਵਿਚ ਕੁੱਲ 12 ਕਰਜ਼ਦਾਰ ਪਰਿਵਾਰਾਂ ਦਾ 15.98 ਲੱਖ ਦਾ ਕਰਜ਼ਾ ਮੁਆਫ਼ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕਾਂ ਨੇ ਪੰਜਾਬ ਅਨੁਸੂਚਿਤ ਜਾਤੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀ ਸਕੀਮ ਤਹਿਤ 31 ਮਾਰਚ 2020 ਤੋਂ ਪਹਿਲਾਂ ਕਰਜ਼ਾ ਲਿਆ ਸੀ, ਪੰਜਾਬ ਸਰਕਾਰ ਵਲੋਂ ਉਨ੍ਹਾਂ ਸਾਰੇ ਕਰਜ਼ਦਾਰ ਪਰਿਵਾਰਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ ਗਿਆ ਹੈ।