ਭਾਜਪਾ ਪੰਜਾਬ ਅੰਦਰ ਦਿਨੋਂ-ਦਿਨ ਹੋ ਰਹੀ ਮਜ਼ਬੂਤ, 2027 'ਚ ਬਣਾਏਗੀ ਨਿਰੋਲ ਸਰਕਾਰ - ਅਸ਼ਵਨੀ ਸ਼ਰਮਾ

ਲੁਧਿਆਣਾ, 24 ਜੁਲਾਈ (ਭੁਪਿੰਦਰ ਸਿੰਘ ਬੈਂਸ)-ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਆਪਣੀ ਨਿਰੋਲ ਸਰਕਾਰ ਬਣਾਏਗੀ। ਇਹ ਦਾਅਵਾ ਲੁਧਿਆਣਾ ਪਹੁੰਚੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਕੀਤਾ। ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਲੁਧਿਆਣਾ ਪਹੁੰਚਣ ’ਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਭਾਜਪਾ ਵਰਕਰਾਂ ਦੇ ਜੋਸ਼ ਅਤੇ ਉਤਸ਼ਾਹ ਨੂੰ ਦੇਖ ਕੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਕਾਫੀ ਖੁਸ਼ ਹੋਏ।
ਇਸ ਮੌਕੇ ਉਨ੍ਹਾਂ ਸੂਬਾ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ ਤੇ ਕਿਹਾ ਕਿ ਲੈਂਡ ਪੂਲਿੰਗ ਨੀਤੀ ਵਰਗੀਆਂ ਹੋਰ ਮਾਰੂ ਯੋਜਨਾਵਾਂ ਅਤੇ ਸੂਬੇ ਅੰਦਰ ਅਮਨ-ਕਾਨੂੰਨ ਦੀ ਬਦਹਾਲ ਹੋਈ ਸਥਿਤੀ ਕਾਰਨ ਹਰ ਵਰਗ ’ਚ ਡਰ ਅਤੇ ਸਹਿਮ ਦਾ ਮਾਹੌਲ ਹੈ। ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਆਪਣੀ ਨਿਰੋਲ ਸਰਕਾਰ ਬਣਾਉਣ ਵੱਲ ਤੇਜ਼ੀ ਨਾਲ ਵੱਧ ਰਹੀ ਹੈ।