JALANDHAR WEATHER

ਸ਼ਹੀਦੀ ਸ਼ਤਾਬਦੀ ਸਬੰਧੀ ਹੋਏ ਸਮਾਗਮ ਦੇ ਵਿਵਾਦ ਤੋਂ ਬਾਅਦ ਸੂਫੀ ਗਾਇਕ ਬੀਰ ਸਿੰਘ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਦਿੱਤਾ ਮੁਆਫੀਨਾਮਾ

ਅੰਮ੍ਰਿਤਸਰ, 25 ਜੁਲਾਈ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵਲੋਂ ਬੀਤੇ ਦਿਨ ਜੰਮੂ-ਕਸ਼ਮੀਰ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ ਕਰਵਾਏ ਸਮਾਗਮ ਦੌਰਾਨ ਸੂਫੀ ਗਾਇਕੀ ਵੇਲੇ ਨੱਚਣ ਕਾਰਨ ਹੋਈ ਮਰਿਆਦਾ ਦੀ ਉਲੰਘਣਾ ਸਬੰਧੀ ਪੈਦਾ ਹੋਏ ਵਿਵਾਦ ਤੋਂ ਬਾਅਦ ਨਾਮਵਰ ਸੂਫੀ ਗਾਇਕ ਬੀਰ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ ਅਨੁਸਾਰ ਬੀਰ ਸਿੰਘ ਵਲੋਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਬੀਤੇ ਦਿਨ ਸ਼ਹੀਦੀ ਸਮਾਗਮ ਦੌਰਾਨ ਨੱਚਣ ਗਾਉਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮੁਆਫੀ ਮੰਗਣ ਦੀ ਸੰਭਾਵਨਾ ਹੈ।

ਅਕਾਲ ਤਖਤ ਸਕੱਤਰੇਤ ਵਿਖੇ ਪੁੱਜੇ ਬੀਰ ਸਿੰਘ ਨੇ ਕਿਹਾ ਕਿ ਉਹ ਲਿਖਤੀ ਤੌਰ ਉਤੇ ਪਹਿਲਾਂ ਹੀ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਭੇਜ ਚੁੱਕੇ ਹਨ। ਜ਼ਿਕਰਯੋਗ ਹੈ ਕਿ ਇਹ ਮਾਮਲਾ ਅੱਜ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਵੀ ਕਰੜੀ ਨਿੰਦਾ ਕੀਤੀ ਗਈ ਸੀ ਅਤੇ ਕਿਹਾ ਗਿਆ ਸੀ ਕਿ ਸ਼ਤਾਬਦੀਆਂ ਮਨਾਉਣਾ ਸਰਕਾਰਾਂ ਦਾ ਕੰਮ ਨਹੀਂ ਬਲਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਹੈ ਤੇ ਸਰਕਾਰਾਂ ਨੂੰ ਸ਼ਤਾਬਦੀ ਸਮਾਗਮਾਂ ਲਈ ਸਹਿਯੋਗ ਕਰਨਾ ਚਾਹੀਦਾ ਹੈ। 

ਇਸੇ ਦੌਰਾਨ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਮਿਲਣ ਤੋਂ ਬਾਅਦ ਬਾਹਰ ਆਏ ਸੂਫੀ ਗਾਇਕ ਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅਣਗਹਿਲੀ ਵਿਚ ਹੋਈ ਗਲਤੀ ਸਬੰਧੀ ਆਪਣਾ ਪੱਖ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਰੱਖ ਦਿੱਤਾ ਹੈ ਤੇ ਉਨ੍ਹਾਂ ਨੂੰ ਸ਼ਹੀਦੀ ਸ਼ਤਾਬਦੀ ਸਬੰਧੀ ਆਪਣਾ ਮਾਫੀਨਾਮਾ ਦੇ ਕੇ ਆਪਣਾ ਪੱਖ ਉਨ੍ਹਾਂ ਵਲੋਂ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਮੈਂ ਆਸਟ੍ਰੇਲੀਆ ਤੋਂ ਸਿੱਧਾ ਉਸ ਪ੍ਰੋਗਰਾਮ ਉਤੇ ਪੁੱਜਾ ਸੀ ਤੇ ਮੈਨੂੰ ਸ਼ਹੀਦੀ ਸਮਾਗਮ ਸਬੰਧੀ ਜਾਣਕਾਰੀ ਨਹੀਂ ਸੀ। ਉਨ੍ਹਾਂ ਸੰਗਤਾਂ ਨੂੰ ਵੀ ਮੁਆਫ ਕਰਨ ਦੀ ਬੇਨਤੀ ਕੀਤੀ। ਇਸ ਉਪਰੰਤ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਚਲੇ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ