ਸ਼ਤਾਬਦੀ ਸਮਾਗਮਾਂ 'ਚ ਨੱਚਣ, ਟੱਪਣ ਤੇ ਭੰਗੜੇ ਪਾਉਣ ਦੇ ਮਾਮਲੇ 'ਚ ਸਰਕਾਰ ਤੁਰੰਤ ਮੁਆਫੀ ਮੰਗੇ - ਧਾਮੀ

ਅੰਮ੍ਰਿਤਸਰ, 26 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ਤਾਬਦੀ ਸਮਾਗਮ ਵਿਚ ਨੱਚਣ ਗਾਉਣ ਤੇ ਭੰਗੜੇ ਪਾਉਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਤੁਰੰਤ ਮਾਫੀ ਮੰਗਣੀ ਚਾਹੀਦੀ ਹੈ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਮਰਿਆਦਾ ਮੁਤਾਬਕ ਸ਼ਤਾਬਦੀਆਂ ਮਨਾਉਣੀਆਂ ਸ਼੍ਰੋਮਣੀ ਕਮੇਟੀ ਵਰਗੀਆਂ ਧਾਰਮਿਕ ਸਿੱਖ ਸੰਸਥਾਵਾਂ ਦੇ ਕਾਰਜ ਹਨ ਤੇ ਸਰਕਾਰ ਨੂੰ ਇਨ੍ਹਾਂ ਸ਼ਤਾਬਦੀ ਸਮਾਗਮਾਂ ਲਈ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਿਲ ਹੋਣਾ ਚਾਹੀਦਾ ਹੈ। ਇਸ ਮੌਕੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਰਜਿੰਦਰ ਸਿੰਘ ਮਹਿਤਾ ਅਤੇ ਸੁਰਜੀਤ ਸਿੰਘ ਭਿੱਟੇ ਵੱਡ ਵੀ ਹਾਜ਼ਰ ਸਨ।