ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਕੱਢਿਆ ਖ਼ਾਲਸਾਈ ਮਾਰਚ

ਅਨੰਦਪੁਰ ਸਾਹਿਬ, 27 ਜੁਲਾਈ (ਜੇਐਸ ਨਿੱਕੂਵਾਲ) - ਧਾਰਮਿਕ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਖ਼ਾਲਸਾ ਪੰਥ ਦੀ ਜਨਮਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਗੁਰਦੁਆਰਾ ਸੀਸਗੰਜ ਸਾਹਿਬ ਤੱਕ ਇਕ ਵਿਸ਼ਾਲ ਖ਼ਾਲਸਾਈ ਰੋਸ ਮਾਰਚ ਕੱਢਿਆ ਗਿਆ।
ਇਸ ਨੂੰ ਬੋਲਦੇ ਹੋਏ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ 'ਤੇ ਇਨ੍ਹਾਂ ਦੋਵਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇਗਾ ਪਰੰਤੂ ਸਰਕਾਰ ਆਪਣੇ ਕੀਤੇ ਵਾਅਦੇ ਨੂੰ ਭੁੱਲ ਗਈ ਹੈ ਅਤੇ ਅਸੀਂ ਇਹ ਲੜਾਈ ਲਗਾਤਾਰ ਜਾਰੀ ਰੱਖਾਂਗੇ ਜਦੋਂ ਤੱਕ ਇਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਹਿੰਦੂ ਧਰਮ ਨਾਲ ਸੰਬੰਧਿਤ ਅਯੋਧਿਆ ਅਤੇ ਹੋਰ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾ ਸਕਦਾ ਹੈ ਤਾਂ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਕਿਉਂ ਅਣਗੋਲਿਆ ਕੀਤਾ ਜਾ ਰਿਹਾ। ਇਸ ਮੌਕੇ ਰਣਜੀਤ ਸਿੰਘ ਭੋਮਾ ,ਗੁਰਿੰਦਰ ਸਿੰਘ ਗੋਗੀ ਬੇਅੰਤ ਸਿੰਘ ਚਨੌਲੀ ਬਾਬਾ ਪ੍ਰੇਮ ਸਿੰਘ ਭੱਲੜੀ ਹਰਦਿਆਲ ਸਿੰਘ ਬੈਂਸ ਸਮੇਤ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਹਾਜਰ ਸਨ।