ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਬਿਜਲੀ ਮੰਤਰੀ ਦੀ ਰਿਹਾਇਸ਼ ਵਿਖੇ ਰੋਸ ਧਰਨਾ ਲਗਾ ਕੇ ਕੀਤਾ ਰੋਸ ਮਾਰਚ

ਸੁਲਤਾਨਵਿੰਡ (ਅੰਮ੍ਰਿਤਸਰ) 27 ਜੁਲਾਈ (ਗੁਰਨਾਮ ਸਿੰਘ ਬੁੱਟਰ) - ਬਿਜਲੀ ਕਾਮਿਆਂ ਦੀਆਂ ਪ੍ਰਮੁੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਅਧਾਰਿਤ ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ ਨੰ 24) ਪਾਵਰਕਾਮ/ਟ੍ਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਪੰਜਾਬ , ਪੈਨਸ਼ਨਰ ਵੈਲਫੇਅਰ ਫੈਡਰੇਸ਼ਨ (ਪਹਿਲਵਾਨ) ਪਾਵਰਕਾਮ ਅਤੇ ਟ੍ਰਾਂਸਕੋ ਦੇ ਸੂਬਾ ਪੱਧਰੀ ਸੱਦੇ 'ਤੇ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਮੁਲਾਜ਼ਮਾਂ ਨੇ ਬਿਜਲੀ ਮੰਤਰੀ ਦੀ ਰਿਹਾਇਸ਼ ਨਿਊ ਅੰਮ੍ਰਿਤਸਰ ਵਿਖੇ ਵਿਸ਼ਾਲ ਰੋਸ ਧਰਨਾ ਲਗਾ ਕੇ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੁੱਧ ਝੰਡਾ ਮਾਰਚ ਕੀਤਾ।
ਮੁਲਾਜ਼ਮ ਆਗੂਆਂ ਰਤਨ ਸਿੰਘ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਸਾਂਝੀ ਅਗਵਾਈ ਹੇਠ 2 ਜੂਨ ਨੂੰ ਬਿਜਲੀ ਮੰਤਰੀ ਦੀ ਪ੍ਰਧਾਨਗੀ ਹੇਠ ਪੀਐਸਪੀਸੀਐਲ ਗੈਸਟ ਹਾਊਸ ਮੁਹਾਲੀ ਵਿਖੇ ਪਾਵਰ ਮੈਨੇਜਮੈਂਟ ਨਾਲ ਜਥੇਬੰਦੀਆਂ ਦੀ ਹੋਈ ਮੀਟਿੰਗ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਨੀਆਂ ਹੋਈਆਂ ਵਾਜਿਬ ਮੰਗਾਂ ਲਾਗੂ ਨਾ ਕਰਨ ਵਿਰੁੱਧ ਰੋਹ ਭਰਪੂਰ ਨਾਅਰੇਬਾਜੀ ਕਰਦੇ ਹੋਏ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਸਮੇਤ ਬਿਜਲੀ ਮੰਤਰੀ ਦਾ ਜੋਰਦਾਰ ਪਿੱਟ ਸਿਆਪਾ ਕੀਤਾ।