ਅੱਜ ਪੂਰੇ ਪੰਜਾਬ ’ਚ ਪਵੇਗਾ ਮੀਂਹ- ਮੌਸਮ ਵਿਭਾਗ

ਚੰਡੀਗੜ੍ਹ, 29 ਜੁਲਾਈ- ਮੌਸਮ ਵਿਭਾਗ ਨੇ ਅੱਜ ਪੰਜਾਬ ਵਿਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ, ਜੋ ਕਿ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ 4 ਜ਼ਿਲ੍ਹਿਆਂ ਤੱਕ ਸੀਮਤ ਹੈ, ਪਰ ਪੂਰੇ ਰਾਜ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਦਿਨ ਕਈ ਜ਼ਿਲ੍ਹਿਆਂ ਵਿਚ ਮੀਂਹ ਪਿਆ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੀ ਅਤੇ ਔਸਤ ਵੱਧ ਤੋਂ ਵੱਧ ਤਾਪਮਾਨ 1.7 ਡਿਗਰੀ ਘੱਟ ਗਿਆ, ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਹੈ।
ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 38 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅੱਜ ਸਵੇਰੇ 11 ਵਜੇ ਤੱਕ ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਅਤੇ ਬਿਜਲੀ ਡਿੱਗਣ ਦੇ ਨਾਲ-ਨਾਲ ਦਰਮਿਆਨੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ।
ਮੀਂਹ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਲੁਧਿਆਣਾ ਵਿਚ 3 ਮਿਲੀਮੀਟਰ, ਪਠਾਨਕੋਟ ਵਿਚ 10 ਮਿਲੀਮੀਟਰ, ਹੁਸ਼ਿਆਰਪੁਰ ਵਿਚ 1 ਮਿਲੀਮੀਟਰ, ਰੋਪੜ ਵਿਚ ਸਭ ਤੋਂ ਵੱਧ 92 ਮਿਲੀਮੀਟਰ ਅਤੇ ਮੋਹਾਲੀ ਵਿਚ 55.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿਚ ਮੌਸਮ ਆਮ ਰਿਹਾ।