ਨਾਭਾ ਜੇਲ੍ਹ 'ਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਪੁੱਜੇ ਚੀਮਾ, ਗਰੇਵਾਲ ਤੇ ਮਲੂਕਾ

ਨਾਭਾ, 30 ਜੁਲਾਈ (ਜਗਨਾਰ ਸਿੰਘ ਦੁਲੱਦੀ)-ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਅੱਜ ਪਾਰਟੀ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਦਲਜੀਤ ਸਿੰਘ ਚੀਮਾ ਅਤੇ ਸਿਕੰਦਰ ਸਿੰਘ ਮਲੂਕਾ ਪਹੁੰਚੇ। ਜਿਵੇਂ ਹੀ ਅਕਾਲੀ ਆਗੂ ਨਾਭਾ ਸਥਿਤ ਨਵੀਂ ਜ਼ਿਲ੍ਹਾ ਜੇਲ੍ਹ ਦੇ ਬਾਹਰ ਪਹੁੰਚੇ ਤਾਂ ਜੇਲ੍ਹ ਪ੍ਰਸ਼ਾਸਨ ਵਲੋਂ ਭਾਰੀ ਪੁਲਿਸ ਫੋਰਸ ਜੇਲ੍ਹ ਦੇ ਗੇਟ ਅੰਦਰ ਤੇ ਬਾਹਰ ਤਾਇਨਾਤ ਕੀਤੀ ਹੋਈ ਸੀ। ਜੇਲ੍ਹ ਮੁਲਾਜ਼ਮਾਂ ਵਲੋਂ ਜੇਲ੍ਹ ਦੇ ਮੁੱਖ ਗੇਟ ਨੂੰ ਤਾਲਾ ਲਗਾ ਕੇ ਅਕਾਲੀ ਆਗੂਆਂ ਨੂੰ ਜੇਲ੍ਹ ਦੇ ਮੁੱਖ ਗੇਟ ਦੇ ਬਾਹਰ ਹੀ ਰੋਕ ਦਿੱਤਾ ਗਿਆ।
ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਦਲਜੀਤ ਸਿੰਘ ਚੀਮਾ ਤੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਨਾ ਕਰਨ ਦੇਣਾ ਬਹੁਤ ਹੀ ਨਿੰਦਣਯੋਗ ਹੈ। ਅੱਜ ਤੱਕ ਕਿਸੇ ਵੀ ਸਰਕਾਰ ਨੇ ਇਸ ਤਰ੍ਹਾਂ ਦਾ ਸਲੂਕ ਨਹੀਂ ਕੀਤਾ। ਜੇਲ੍ਹ ਪ੍ਰਸ਼ਾਸਨ ਵਲੋਂ ਅਕਾਲੀ ਆਗੂ ਮਜੀਠੀਆ ਨਾਲ ਮੁਲਾਕਾਤ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਗਿਆ, ਜਿਸ ਉਪਰੰਤ ਅਕਾਲੀ ਆਗੂਆਂ ਵਲੋਂ ਜੇਲ੍ਹ ਦੇ ਗੇਟ ਬਾਹਰ ਪੰਜਾਬ ਸਰਕਾਰ ਖਿਲਾਫ ਭੜਾਸ ਕੱਢੀ ਗਈ।
ਜਦੋਂ ਅਕਾਲੀ ਆਗੂਆਂ ਦੀ ਮਜੀਠੀਆ ਨਾਲ ਮੁਲਾਕਾਤ ਨਾ ਹੋਣ ਸਬੰਧੀ ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜੇਲ੍ਹ ਕਾਨੂੰਨ ਮੁਤਾਬਕ ਸਿਰਫ ਪਰਿਵਾਰਿਕ ਮੈਂਬਰ ਜਾਂ ਵਕੀਲ ਹੀ ਮੁਲਾਕਾਤ ਕਰ ਸਕਦਾ ਹੈ, ਜਿਸ ਕਰਕੇ ਇਹ ਮੁਲਾਕਾਤ ਨਹੀਂ ਹੋ ਸਕੀ। ਇਸ ਮੌਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਗੋਲੂ, ਜਥੇਦਾਰ ਬਲਤੇਜ ਸਿੰਘ ਖੋਖ, ਸਰਬਜੀਤ ਸਿੰਘ ਧੀਰੋਮਾਜਰਾ, ਜਥੇਦਾਰ ਮੋਹਨ ਸਿੰਘ ਰਾਮਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਮੌਜੂਦ ਸਨ।