ਮਹਿਲ ਕਲਾਂ ਵਿਖੇ ਪੈਨਸ਼ਨਰਾਂ ਵਲੋਂ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ 'ਤੇ ਨਾਅਰੇਬਾਜ਼ੀ

ਮਹਿਲ ਕਲਾਂ, 4 ਅਗਸਤ (ਅਵਤਾਰ ਸਿੰਘ ਅਣਖੀ)-ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨ ਯੂਨੀਅਨ ਪੰਜਾਬ (ਰਜਿ.) ਮਹਿਲ ਕਲਾਂ ਅਤੇ ਠੁੱਲੀਵਾਲ ਯੂਨਿਟ ਦੀ ਅਹਿਮ ਮੀਟਿੰਗ ਇੰਜੀਨੀਅਰ ਕੇਵਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪੈਨਸ਼ਨਰਾਂ ਵਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਗਈ। ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਸੁਖਜੰਟ ਸਿੰਘ ਬਰਨਾਲਾ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਸਾਢੇ ਤਿੰਨ ਸਾਲਾਂ ਵਿਚ ਕਈ ਵਾਰ ਜਥੇਬੰਦੀ ਨਾਲ ਮੀਟਿੰਗਾਂ ਰਾਹੀ ਗੱਲਬਾਤ ਕਰਨ ਦੇ ਵਾਅਦੇ ਕੀਤੇ ਪਰ ਕਿਸੇ ਵੀ ਮੀਟਿੰਗ ਨੂੰ ਅਮਲ ਵਿਚ ਨਹੀਂ ਲਿਆ। ਜੋ ਇਹ ਸਰਕਾਰ ਦੀ ਪੈਨਸ਼ਨਰਾਂ ਪ੍ਰਤੀ ਅਣਦੇਖੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ 11% ਡੀ.ਏ. ਦੀ ਬਕਾਇਆ ਰਹਿੰਦੀ ਕਿਸ਼ਤ, ਮਹੀਨਾਵਾਰ 200 ਰੁਪਏ ਕਟੌਤੀ ਰੱਦ ਕਰਨ ਅਤੇ ਹੋਰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਕੇ ਪੈਨਸ਼ਨਰ ਮਾਰੂ ਹੋਣ ਦਾ ਸਬੂਤ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਸਪੱਸ਼ਟ ਕਿਹਾ ਕਿ ਜੇਕਰ ਸਰਕਾਰ ਨੇ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਜਥੇਬੰਦੀ ਵਲੋਂ ਤਿੱਖੇ ਸੰਘਰਸ਼ ਦਾ ਬਿਗੁਲ ਵਜਾਇਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਤੇ ਸਬੰਧਿਤ ਵਿਭਾਗ ਦੀ ਹੋਵੇਗੀ। ਆਗੂਆਂ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਸੱਦੇ ਉੱਪਰ 8 ਅਗਸਤ ਨੂੰ ਪੰਜਾਬ ਭਰ ਦੇ ਜ਼ਿਲ੍ਹਾ ਹੈੱਡ ਕੁਆਰਟਰਾਂ ਉਤੇ ਧਰਨੇ ਦੇਣ ਦੇ ਪ੍ਰੋਗਰਾਮ ਤਹਿਤ 8 ਅਗਸਤ ਨੂੰ ਬਰਨਾਲਾ ਵਿਖੇ ਦਿੱਤੇ ਜਾਣ ਵਾਲੇ ਧਰਨੇ ਦੀ ਤਿਆਰੀ ਸਬੰਧੀ ਵਰਕਰਾਂ ਅਤੇ ਆਗੂਆਂ ਦੀਆਂ ਡਿਊਟੀਆਂ ਵੰਡ ਕੇ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ 11, 12 ਅਤੇ 13 ਅਗਸਤ ਨੂੰ ਪਾਵਰਕਾਮ ਦੀਆਂ ਸਬ-ਡਵੀਜ਼ਨਾਂ ਅੱਗੇ ਦਿੱਤੇ ਜਾਣ ਵਾਲੇ ਤਿੰਨ ਰੋਜ਼ਾ ਧਰਨਿਆਂ ਵਿਚ ਜਥੇਬੰਦੀ ਪੂਰੀ ਹਮਾਇਤ ਕਰੇਗੀ। ਉਨ੍ਹਾਂ ਸਮੂਹ ਵਰਕਰਾਂ ਨੂੰ ਕਾਫ਼ਲੇ ਬਣਾ ਕੇ ਧਰਨੇ 'ਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਸਮੂਹ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਲਾਗੂ ਕੀਤੀਆਂ ਜਾਣ।