ਕੋਈ ਵੀ ਧਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ- ਸਿੰਘ ਸਾਹਿਬਾਨ

ਅੰਮ੍ਰਿਤਸਰ, 6 ਅਗਸਤ (ਜਸਵੰਤ ਸਿੰਘ ਜੱਸ)- ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਇਕ ਹੋਰ ਪਾਸ ਕੀਤੇ ਅਹਿਮ ਮਤੇ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਅਤੇ ਬਾਕੀ ਸਿੰਘ ਸਾਹਿਬਾਨ ਨੇ ਕਿਹਾ ਕਿ ਕੁਝ ਧਿਰਾਂ ਆਪਣੇ ਆਪ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਰਪ੍ਰਸਤੀ ਹੋਣ ਦਾ ਦਾਅਵਾ ਕਰਕੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਪੰਜ ਸਿੰਘ ਸਾਹਿਬਾਨ ਨੇ ਇਸ ਸੰਬੰਧੀ ਆਦੇਸ਼ ਕੀਤਾ ਕਿ ਦੋ ਦਸੰਬਰ 2024 ਨੂੰ ਪੰਜ ਸਿੰਘ ਸਾਹਿਬਾਨ ਵਲੋਂ ਸਮੂਹ ਅਕਾਲੀ ਦਲ ਧਿਰਾਂ ਨੂੰ ਤਾਕੀਦ ਕੀਤੀ ਸੀ ਕਿ ਉਹ ਆਪੋ ਆਪਣੇ ਚੁੱਲ੍ਹੇ ਸਮੇਟ ਕੇ ਇਕਜੁੱਟ ਹੋਣ।
ਇਸ ਸੰਬੰਧੀ ਹੁਣ ਤੱਕ ਕੋਈ ਸਾਰਥਕ ਨਤੀਜੇ ਸਾਹਮਣੇ ਨਹੀਂ ਆਏ। ਉਨ੍ਹਾਂ ਕਿਹਾ ਕਿ ਜੇਕਰ ਦੋ ਦਸੰਬਰ 2024 ਨੂੰ ਹੋਏ ਆਦੇਸ਼ ਨੂੰ ਕੋਈ ਵੀ ਧਿਰ ਇਨ ਬਿਨ ਨਹੀਂ ਮੰਨਣਾ ਚਾਹੁੰਦੀ ਤਾਂ ਉਹਨਾਂ ਨੂੰ ਆਪੋ ਆਪਣੀ ਸਿਆਸਤ ਮੁਬਾਰਕ ਹੈ ਪਰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਦਾ ਦਾਅਵਾ ਕਰਕੇ ਸੰਗਤ ਵਿਚ ਭਰਮ ਭੁਲੇਖੇ ਪੈਦਾ ਨਾ ਕੀਤੇ ਜਾਣ, ਕਿਉਂਕਿ ਵਖੋ ਵੱਖਰੇ ਚੁੱਲੇ ਕਾਇਮ ਰੱਖ ਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਆਦੇਸ਼ ਦੀ ਭਾਵਨਾ ਸੰਪੂਰਨ ਨਹੀਂ ਕੀਤੀ ਜਾ ਸਕਦੀ।
ਉਨ੍ਹਾਂ ਨੇ ਆਦੇਸ਼ ਵਿਚ ਕਿਹਾ ਕਿ ਕੋਈ ਵੀ ਧਿਰ ਜਾਂ ਕਮੇਟੀ ਆਪਣੇ ਆਪ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ। ਇੱਥੇ ਜ਼ਿਕਰ ਯੋਗ ਹੈ ਕਿ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਅਤੇ ਇਸ ਕਮੇਟੀ ਵਲੋਂ 11 ਅਗਸਤ ਨੂੰ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਜਨਰਲ ਇਜਲਾਸ ਵੀ ਰੱਖਿਆ ਹੋਇਆ ਹੈ।