ਅਧਿਕਾਰੀਆਂ ਦੇ ਗ਼ਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਰਹਿ ਗਈ ਗੁਰਪ੍ਰੀਤ ਕੌਰ ਨੂੰ ਇਕ ਵਿਸ਼ੇਸ਼ ਮੌਕਾ ਦੇਵੇ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 6 ਅਗਸਤ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਬੀਤੇ ਕੱਲ੍ਹ ਗੁਰਸਿੱਖ ਲੜਕੀ ਗੁਰਪ੍ਰੀਤ ਕੌਰ ਨੂੰ ਉਸ ਵਲੋਂ ਦਰਸਾਏ ਸਿੱਖੀ ਜਜ਼ਬੇ ਕਰਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗੁਰਪ੍ਰੀਤ ਕੌਰ ਨੂੰ ਕਿਰਪਾਨ ਤੇ ਕੜਾ ਪਹਿਨੇ ਹੋਣ ਕਰਕੇ ਰਾਜਸਥਾਨ ਵਿਚ ਹੋਈ ਜ਼ੁਡੀਸ਼ੀਅਲ ਸਰਵਿਸ ਦੀ ਪ੍ਰੀਖਿਆ ਵਿਚ ਦਾਖ਼ਲੇ ਲਈ ਕਕਾਰ ਉਤਾਰਨ ਲਈ ਕਿਹਾ ਗਿਆ ਸੀ, ਪ੍ਰੰਤੂ ਗੁਰਪ੍ਰੀਤ ਕੌਰ ਨੇ ਸਿੱਖ ਮਰਿਆਦਾ ਦਾ ਹਵਾਲਾ ਦਿੰਦਿਆਂ ਕਕਾਰ ਉਤਾਰਨ ਤੋਂ ਮਨ੍ਹਾ ਕਰ ਦਿੱਤਾ ਸੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਅਧਿਕਾਰੀਆਂ ਦੇ ਗ਼ਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਵਾਂਝੀ ਰਹਿ ਗਈ ਸਿੱਖ ਉਮੀਦਵਾਰ ਨੂੰ ਵਿਸ਼ੇਸ਼ ਤੌਰ ’ਤੇ ਇਕ ਮੌਕਾ ਦਿੰਦਿਆਂ ਉਸ ਦੀ ਪ੍ਰੀਖਿਆ ਕਰਵਾਈ ਜਾਵੇ। ਗੁਰਪ੍ਰੀਤ ਕੌਰ ਨੂੰ ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਤੋਂ ਇਲਾਵਾ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਸੁਖਹਰਪ੍ਰੀਤ ਸਿੰਘ ਰੋਡੇ, ਸੁਖਵਰਸ਼ ਸਿੰਘ ਪੰਨੂ, ਖੁਸ਼ਵਿੰਦਰ ਸਿੰਘ ਭਾਟੀਆ, ਗੁਰਨਾਮ ਸਿੰਘ ਜੱਸਲ, ਮੋਹਨ ਸਿੰਘ ਬੰਗੀ, ਜਥੇਦਾਰ ਕੌਰ ਸਿੰਘ, ਬੀਬੀ ਹਰਜਿੰਦਰ ਕੌਰ, ਬੀਬੀ ਜੋਗਿੰਦਰ ਕੌਰ, ਚਰਨ ਸਿੰਘ ਆਲਮਗੀਰ, ਸਕੱਤਰ ਪ੍ਰਤਾਪ ਸਿੰਘ ਅਤੇ ਗੁਰਪ੍ਰੀਤ ਕੌਰ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।