ਜ਼ਿਲ੍ਹੇ 'ਚ ਹੜ੍ਹ ਵਰਗੀ ਕੋਈ ਸਥਿਤੀ ਨਹੀਂ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ - ਡੀ.ਸੀ. ਕਪੂਰਥਲਾ

ਕਪੂਰਥਲਾ, 6 ਅਗਸਤ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਹੜ੍ਹ ਵਰਗੀ ਕੋਈ ਸਥਿਤੀ ਨਹੀਂ ਹੈ, ਇਸ ਲਈ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸੇ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਹ ਗੱਲ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ ਕਰਨ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ।
ਉਨ੍ਹਾਂ ਕਿਹਾ ਕਿ ਦਰਿਆ ਬਿਆਸ ਦੇ ਧੁੱਸੀ ਬੰਨ੍ਹ ਦੀ ਸੁਰੱਖਿਆ ਲਈ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਵਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ਤੇ ਧੁੱਸੀ ਬੰਨ੍ਹ ਦੀ ਸੰਵੇਦਨਸ਼ੀਲ ਥਾਵਾਂ 'ਤੇ 20 ਹਜ਼ਾਰ ਤੋਂ ਵੱਧ ਰੇਤ ਦੇ ਬੋਰੇ ਭਰ ਕੇ ਅੰਮ੍ਰਿਤਸਰ, ਆਹਲੀ ਕਲਾਂ ਤੇ ਮੰਡ ਬਾਊਪੁਰ ਵਿਚ ਰੱਖੇ ਗਏ ਹਨ ਤਾਂ ਜੋ ਕਿਸੇ ਅਣਸੁਖਾਵੇਂ ਹਾਲਾਤ ਵਿਚ ਇਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭੁਲੱਥ ਤੇ ਸਬ-ਡਵੀਜ਼ਨ ਦੇ ਐਸ.ਡੀ.ਐਮਜ਼ ਨੂੰ ਮੰਡ ਖੇਤਰ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਰੱਖਣ ਦੇ ਹੁਕਮ ਦਿੱਤੇ ਗਏ ਹਨ ਤੇ ਲੋਕਾਂ ਦੀ ਸਹੂਲਤ ਲਈ ਹੈਲਪਲਾਈਨ ਨੰਬਰ 01822-231990 ਜਾਰੀ ਕੀਤਾ ਗਿਆ ਹੈ, ਜਿਸ 'ਤੇ ਲੋਕ ਲੋੜ ਅਨੁਸਾਰ ਸੰਪਰਕ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਡਰੇਨੇਜ਼, ਸਿਹਤ, ਮਾਲ, ਲੋਕ ਨਿਰਮਾਣ ਵਿਭਾਗ ਤੇ ਪਸ਼ੂ ਪਾਲਣ ਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਦਾ ਗਠਨ ਕੀਤਾ ਹੈ ਜੋ ਕਿਸੇ ਵੀ ਅਣਸੁਖਾਵੇਂ ਹਾਲਾਤ ਵਿਚ ਬਿਹਤਰ ਢੰਗ ਨਾਲ ਤਾਲਮੇਲ ਕਰ ਸਕਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਲੋੜ ਅਨੁਸਾਰ ਪਸ਼ੂਆਂ ਲਈ ਸੁੱਕਾ ਚਾਰਾ, ਦਵਾਈਆਂ ਦਾ ਅਗਾਊਂ ਪ੍ਰਬੰਧ ਕੀਤਾ ਗਿਆ ਹੈ ਤੇ ਬਚਾਅ ਕਾਰਜਾਂ ਲਈ ਐਨ.ਡੀ.ਆਰ.ਐਫ. ਤੇ ਐਸ.ਡੀ.ਆਰ.ਐਫ. ਦੀਆਂ ਟੀਮਾਂ ਦੀ ਮੌਜੂਦਗੀ ਵੀ ਯਕੀਨੀ ਬਣਾਈ ਗਈ ਹੈ। ਮੀਟਿੰਗ ਵਿਚ ਨਵਨੀਤ ਕੌਰ ਬੱਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।