ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਸਮੇਤ 4 ਵਿਅਕਤੀ ਕੀਤੇ ਕਾਬੂ

ਚੰਡੀਗੜ੍ਹ, 7 ਅਗਸਤ- ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਦੱਸਿਆ ਕਿ ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇਕ ਤੇਜ਼ ਕਾਰਵਾਈ ਵਿਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਿਲ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 7 ਪਿਸਤੌਲ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿਚ ਹਨ ਅਤੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਹਨ। ਸਰਹੱਦੀ ਪਿੰਡਾਂ ਤੋਂ ਕੰਮ ਕਰਦੇ ਹੋਏ, ਇਹ ਨੈੱਟਵਰਕ ਪੰਜਾਬ ਵਿਚ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਦਾ ਹੈ।
ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਆਰਮਜ਼ ਐਕਟ ਤਹਿਤ ਇਕ ਐਫ਼.ਆਈ.ਆਰ. ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਅਤੇ ਇਸ ਦੇ ਸੰਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।