ਪੰਜਾਬ ਗੌਰਮਿੰਟ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਕੀਤਾ ਰੋਸ ਮਾਰਚ

ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਪੰਜਾਬ ਗੌਰਮਿੰਟ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਜ਼ਿਲ੍ਹਾ ਕਪੂਰਥਲਾ ਵਲੋਂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ਗੁਰਦੀਪ ਸਿੰਘ, ਵਿਨੋਦ ਕੁਮਾਰ, ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਜਸਵਿੰਦਰਪਾਲ ਸਿੰਘ ਉੱਗੀ, ਪਾਵਰਕਾਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮੁਹੰਮਦ ਯੂਨਿਸ ਅੰਸਾਰੀ ਤੇ ਸ਼ਵਿੰਦਰ ਸਿੰਘ ਬੁਟਾਰੀ, ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਲਵੀਰ ਸਿੰਘ ਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ, ਜੇਲ੍ਹ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਸੂਬਾਈ ਸੀਨੀਅਰ ਉਪ ਪ੍ਰਧਾਨ ਨਿਰਮਲ ਸਿੰਘ ਬਡਿਆਲ ਤੇ ਪਰਮਜੀਤ ਸਿੰਘ ਗਿੱਲ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਅਮਰੀਕ ਸਿੰਘ ਸੇਖੋਂ ਦੀ ਅਗਵਾਈ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਰੋਸ ਮਾਰਚ ਕੱਢਿਆ ਤੇ ਨਾਅਰੇਬਾਜ਼ੀ ਕੀਤੀ।
ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਅਖ਼ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਰੰਟ ਦੇ ਆਗੂਆਂ ਦੀਆਂ ਸਰਕਾਰ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਬੁਲਾਰਿਆਂ ਨੇ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਤੁਰੰਤ ਪ੍ਰਵਾਨ ਕੀਤਾ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ, ਡੀ.ਏ. ਦਾ ਰਹਿੰਦਾ 16 ਪ੍ਰਤੀਸ਼ਤ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, ਬੰਦ ਕੀਤੇ ਭੱਤੇ ਬਹਾਲ ਕੀਤੇ ਜਾਣ, ਪੈਨਸ਼ਨਰਾਂ ਨੂੰ 1 ਜਨਵਰੀ 2016 ਤੋਂ 2.59 ਦੇ ਗੁਣਾਂਕ ਨਾਲ ਸੋਧੀ ਹੋਈ ਪੈਨਸ਼ਨ ਯਕਮੁਸ਼ਤ ਜਾਰੀ ਕੀਤੀ ਜਾਵੇ।
ਉਨ੍ਹਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੇ ਹੋਰ ਮੰਗਾਂ ਮੰਨਣ ਦੀ ਵੀ ਮੰਗ ਕੀਤੀ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ 23 ਅਗਸਤ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਗੌਰਮਿੰਟ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਤਿੱਖਾ ਸੰਘਰਸ਼ ਛੇੜਨ ਲਈ ਮਜਬੂਰ ਹੋਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।