ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵਲੋਂ ਅਣ-ਮਿੱਥੇ ਸਮੇਂ ਲਈ ਹੜਤਾਲ ਸ਼ੁਰੂ


ਕਪੂਰਥਲਾ, 14 ਅਗਸਤ (ਅਮਰਜੀਤ ਕੋਮਲ)-ਪੰਜਾਬ ਰੋਡਵੇਜ਼ ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀ ਮੰਗਾਂ ਨੂੰ ਲੈ ਕੇ ਅੱਜ ਸਵੇਰੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਦਾ ਚੱਕਾ ਜਾਮ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਗਈ। ਇਸ ਮੌਕੇ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਪੰਨੂ ਤੇ ਹੋਰ ਆਗੂਆਂ ਨੇ ਦੱਸਿਆ ਪੀ.ਆਰ.ਟੀ.ਸੀ. ਦੀ ਮੈਨੇਜਮੈਂਟ ਵਲੋਂ ਕੱਚੇ ਮੁਲਾਜ਼ਮ ਪੱਕੇ ਕਰਨ, ਪੀ.ਆਰ.ਟੀ.ਸੀ. ਨੂੰ ਨਵੀਆਂ ਬੱਸਾਂ ਪਾਉਣ ਤੇ ਮੁਲਾਜ਼ਮਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸੰਬੰਧੀ ਵਾਅਦਾ ਕੀਤੇ ਜਾਣ ਦੇ ਬਾਵਜੂਦ ਵੀ ਉਹਨਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ, ਜਿਸ ਨੂੰ ਲੈ ਕੇ ਮੁਲਾਜ਼ਮ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਨਾਲ ਇਸ ਸੰਬੰਧੀ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਪੀ.ਆਰ.ਟੀ.ਸੀ. ਦੀ ਮੈਨੇਜਮੈਂਟ ਵਲੋਂ ਇਨ੍ਹਾਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮ ਹੜਤਾਲ ਕਰਨ ਲਈ ਮਜਬੂਰ ਹੋਏ ਹਨ। ਹੜਤਾਲ ਦੌਰਾਨ ਪੀ.ਆਰ.ਟੀ.ਸੀ. ਦੀਆਂ ਬੱਸਾਂ ਡੀਪੂ ਵਿਚ ਬੰਦ ਰਹੀਆਂ, ਜਿਸ ਕਾਰਨ ਸਵਾਰੀਆਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ।