ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦਾ ਪ੍ਰਧਾਨ ਨਹੀਂ ਸੀ ਬਣਨਾ ਚਾਹੀਦਾ - ਜਥੇਦਾਰ ਗੜਗੱਜ

ਅੰਮ੍ਰਿਤਸਰ, 14 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦਾ ਪ੍ਰਧਾਨ ਨਹੀਂ ਸੀ ਬਣਨਾ ਚਾਹੀਦਾ। ਅੱਜ ਇਥੇ ਖਾਲਸਾ ਕਾਲਜ ਵਿਖੇ ਇਕ ਸਮਾਗਮ ਵਿਚ ਸ਼ਾਮਿਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਜਥੇਦਾਰ ਦਾ ਅਹੁਦਾ ਕਿਸੇ ਪ੍ਰਧਾਨ ਹੋਣ ਨਾਲੋਂ ਵੱਡਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨੈਤਿਕ ਤੌਰ ਉੱਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਨਹੀਂ ਸੀ ਬਣਨਾ ਚਾਹੀਦਾ, ਸਿੰਘ ਸਾਹਿਬ ਦੀ ਪਦਵੀ ਵੱਡੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਥ ਦੇ ਵੱਡੇ ਹਿੱਤਾਂ ਲਈ ਸਾਨੂੰ ਇਕਜੁੱਟ ਹੋਣ ਦਾ ਵੇਲਾ ਹੈ, ਵੱਖਰੇ ਚੁੱਲ੍ਹੇ ਬਾਲਣ ਦਾ ਨਹੀਂ। ਉਨ੍ਹਾਂ ਕਿਹਾ ਕਿ ਦੋ ਦਸੰਬਰ 2024 ਦੇ ਆਦੇਸ਼ਾਂ ਦੀ ਇਨ-ਬਿੰਨ ਪਾਲਣਾ ਨਹੀਂ ਹੋਈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਬਾਰੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਖਿਲਾਫ ਅਕਾਲ ਤਖਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਦੇ ਸੰਦਰਭ ਵਿਚ ਉਨ੍ਹਾਂ ਨੂੰ ਸਪੱਸ਼ਟੀਕਰਨ ਲਈ ਬੁਲਾਇਆ ਗਿਆ ਹੈ।