ਆਜ਼ਾਦੀ ਦਿਹਾੜੇ ਮੌਕੇ 15 ਤੇ 16 ਅਗਸਤ ਨੂੰ ਨਸ਼ਾ-ਮੁਕਤ ਜਾਗਰੂਕਤਾ ਮੁਹਿੰਮ ਚਲਾਉਣ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ
ਸੰਗਰੂਰ, 14 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਦੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਆਜ਼ਾਦੀ ਦਿਹਾੜੇ ਮੌਕੇ 15 ਅਤੇ 16 ਅਗਸਤ ਨੂੰ ਨਸ਼ਾ-ਮੁਕਤ ਜਾਗਰੂਕਤਾ ਮੁਹਿੰਮ ਚਲਾਉਣ ਲਈ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਨਸ਼ਿਆਂ ਦੀ ਭਿਆਨਕ ਬੀਮਾਰੀ ਦੇ ਖਾਤਮੇ ਲਈ ਆਮ ਲੋਕਾਂ ਵਿਚ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਜਾਰੀ ਪੱਤਰ ਦੇ ਹਵਾਲੇ ਮੁਤਾਬਕ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦਾ ਸਹਿਯੋਗ ਨਸ਼ਿਆਂ ਦੇ ਖਾਤਮੇ ਲਈ ਬੇਹੱਦ ਜ਼ਰੂਰੀ ਹੈ ਪਰ ਇਸ ਲਈ ਲੋਕਾਂ ਨੂੰ ਪਹਿਲਾਂ ਜਾਗਰੂਕ ਵੀ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ 15 ਅਤੇ 16 ਅਗਸਤ ਨੂੰ ਨਸ਼ਾ-ਮੁਕਤ ਜਾਗਰੂਕਤਾ ਦਿਵਸ ਮੁਹਿੰਮ ਚਲਾਉਣ ਲਈ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਸੰਗਰੂਰ ਜ਼ਿਲ੍ਹੇ ਵਿਚ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਬਾਬਤ ਜ਼ਿਲ੍ਹਾ ਪੁਲਿਸ ਮੁਖੀ ਸਮੇਤ ਹੋਰ ਵਿਭਾਗਾਂ ਨੂੰ ਪੱਤਰ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਨਿਰਦੇਸ਼ਾਂ ਮੁਤਾਬਕ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਸਾਰੇ ਧਾਰਮਿਕ ਅਸਥਾਨਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਾਰੀਆਂ ਸਿੱਖਿਆ ਸੰਸਥਾਵਾਂ ਤੇ ਜਨਤਕ ਸਥਾਨਾਂ ਹਸਪਤਾਲਾਂ, ਸੋਸ਼ਲ ਮੀਡੀਆ ਸਮੇਤ ਹੋਰ ਅਹਿਮ ਸਥਾਨਾਂ 'ਤੇ ਵੀ ਨਸ਼ਾ ਵਿਰੋਧੀ ਗਤੀਵਿਧੀਆਂ ਕੀਤੀਆਂ ਜਾਣਗੀਆਂ ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਜਾਗਰੂਕ ਕੀਤਾ ਜਾ ਸਕੇ। ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਵੀ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਉਣ ਅਤੇ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਾਥ ਦੇਣ।