JALANDHAR WEATHER

ਪੁਲਿਸ ਵਲੋਂ ਪੀ.ਆਰ.ਟੀ.ਸੀ. ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਪਨੂੰ ਨੂੰ ਘਰ 'ਚ ਨਜ਼ਰਬੰਦ ਕਰਨ ਦੀ ਕੋਸ਼ਿਸ਼

ਕਪੂਰਥਲਾ, 14 ਅਗਸਤ (ਅਮਰਜੀਤ ਕੋਮਲ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ 25/11 ਦੇ ਸੱਦੇ 'ਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੇ ਅੱਜ ਪੰਜਾਬ ਵਿਚ ਬੱਸਾਂ ਦਾ ਚੱਕਾ ਜਾਮ ਕਰਨ ਦੌਰਾਨ ਹੀ ਯੂਨੀਅਨ ਦੀ ਟਰਾਂਸਪੋਰਟ ਸਕੱਤਰ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਯੂਨੀਅਨ ਨੇ ਫ਼ਰੀਦਕੋਟ ਵਿਚ 15 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਘਿਰਾਓ ਕਰਨ ਦੀ ਦਿੱਤੀ ਗਈ ਚਿਤਾਵਨੀ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਪੁਲਿਸ ਨੇ ਯੂਨੀਅਨ ਆਗੂਆਂ ਦੇ ਘਰਾਂ 'ਤੇ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਨਜ਼ਰਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਜ ਸ਼ਾਮ ਕਪੂਰਥਲਾ ਪੁਲਿਸ ਨੇ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪਨੂੰ ਦੇ ਘਰ ਝੱਲ ਠੀਕਰੀਵਾਲ ਵਿਚ ਛਾਪੇਮਾਰੀ ਕੀਤੀ ਪਰ ਯੂਨੀਅਨ ਆਗੂ ਦੇ ਘਰ ਨਾ ਮਿਲਣ 'ਤੇ ਪੁਲਿਸ ਵਲੋਂ ਅਜੇ ਵੀ ਉਨ੍ਹਾਂ ਦੇ ਘਰ ਵਿਚ ਡੇਰੇ ਲਾਏ ਹੋਏ ਹਨ।

ਇਸ ਕਾਰਵਾਈ ਤੋਂ ਬਾਅਦ ਗੁਰਪ੍ਰੀਤ ਸਿੰਘ ਪਨੂੰ ਨੇ ਜਾਰੀ ਕੀਤੀ ਇਕ ਵੀਡੀਓ ਵਿਚ ਕਿਹਾ ਕਿ ਪੁਲਿਸ ਵਲੋਂ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਦੇ ਸੰਘਰਸ਼ ਨੂੰ ਦਬਾਉਣ ਲਈ ਉਨ੍ਹਾਂ ਨੂੰ ਘਰਾਂ ਵਿਚ ਨਜ਼ਰਬੰਦ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਸਰਕਾਰ ਬਣਨ ਤੋਂ ਬਾਅਦ ਪਹਿਲੇ ਚਾਰ ਹਫ਼ਤਿਆਂ ਵਿਚ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਗੇ, ਪੀ.ਆਰ.ਟੀ.ਸੀ. ਵਿਚ ਨਵੀਆਂ ਬੱਸਾਂ ਪਾਈਆਂ ਜਾਣਗੀਆਂ, ਕਿੱਲੋਮੀਟਰ ਸਕੀਮ ਬੰਦ ਕੀਤੀ ਜਾਵੇਗੀ ਸਮੇਤ ਹੋਰ ਮੰਗਾਂ ਨੂੰ ਅਮਲੀ ਰੂਪ ਦਿੱਤਾ ਜਾਵੇਗਾ। ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਯੂਨੀਅਨ ਦੀਆਂ ਟਰਾਂਸਪੋਰਟ ਮੰਤਰੀ ਸਮੇਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪਿਛਲੇ ਤਿੰਨ ਵਰ੍ਹਿਆਂ ਦੌਰਾਨ ਬਹੁਤ ਸਾਰੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਇਨ੍ਹਾਂ ਮੀਟਿੰਗਾਂ ਵਿਚ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਵੀ ਉਨ੍ਹਾਂ ਦੀ ਕਿਸੇ ਵੀ ਮੰਗ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਗੁਰਪ੍ਰੀਤ ਸਿੰਘ ਪਨੂੰ ਨੇ ਕਿਹਾ ਕਿ 13 ਮਹੀਨੇ ਪਹਿਲਾਂ ਮੁੱਖ ਮੰਤਰੀ ਨੇ ਯੂਨੀਅਨ ਨਾਲ ਇਕ ਮੀਟਿੰਗ ਕਰਕੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਇਕ ਮਹੀਨੇ ਦੇ ਅੰਦਰ-ਅੰਦਰ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਨੀਤੀ ਤਿਆਰ ਕੀਤੀ ਜਾਵੇ ਪਰ ਮੁੱਖ ਮੰਤਰੀ ਦੇ ਭਰੋਸੇ ਦੇ ਬਾਵਜੂਦ ਸਥਿਤੀ ਜਿਉਂ ਦੀ ਤਿਉਂ ਹੀ ਬਰਕਰਾਰ ਹੈ, ਜਿਸ ਕਾਰਨ ਉਨ੍ਹਾਂ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਸੀ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਦੇ ਸੰਘਰਸ਼ ਨੂੰ ਅਸਫਲ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਮਜਬੂਰ ਹੋ ਕੇ ਡਿਪੂਆਂ ਵਿਚੋਂ ਬੱਸਾਂ ਕੱਢ ਕੇ ਸ਼ਹਿਰ ਦੀਆਂ ਸੜਕਾਂ ਵਿਚ ਖੜ੍ਹੀਆਂ ਕਰ ਦੇਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ