ਤਿੰਨ ਸਾਲਾਂ ਤੋਂ ਚੱਲ ਰਿਹਾ ਵਿਵਾਦ ਹੱਲ ਕਰਨ ਲਈ ਪ੍ਰਬੰਧਕ ਕਮੇਟੀ ਤੇ ਗਿਆਨੀ ਗੌਹਰ ਵਧਾਈ ਦੇ ਪਾਤਰ- ਜਥੇਦਾਰ ਗੜਗੱਜ

ਅੰਮ੍ਰਿਤਸਰ, 18 ਅਗਸਤ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਕਾਰ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਿਹਾ ਵਿਵਾਦ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਮਾਮਲੇ ਸੰਬੰਧੀ 14 ਜੁਲਾਈ 2025 ਨੂੰ ਪੰਜ ਸਿੰਘ ਸਾਹਿਬਾਨ ਵਲੋਂ ਹੋਏ ਆਦੇਸ਼ ਅਨੁਸਾਰ ਮਿਲ ਬੈਠ ਕੇ ਤੇ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਹੱਲ ਕਰ ਲਿਆ ਗਿਆ ਹੈ।
ਇਸ ਸੰਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ, ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਧਾਈ ਦੇ ਪਾਤਰ ਹਨ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬ-ਉੱਚਤਾ ਨੂੰ ਸਮਰਪਿਤ ਹੁੰਦਿਆਂ ਇਥੋਂ ਹੋਏ ਹੁਕਮਾਂ ਦੀ ਪਾਲਣਾ ਕਰਦਿਆਂ ਆਪਸੀ ਸੂਝ ਬੂਝ ਅਤੇ ਏਕਤਾ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ ਮੌਜੂਦਾ ਸਮਾਂ ਸਿੱਖ ਸ਼ਕਤੀ ਨੂੰ ਇਕਜੁੱਟ ਕਰਨ ਅਤੇ ਸਿੱਖ ਸੰਸਥਾਵਾਂ ਨੂੰ ਪੰਥਕ ਏਕਤਾ ਦੀ ਭਾਵਨਾ ਅਨੁਸਾਰ ਮਜ਼ਬੂਤ ਕਰਨ ਦਾ ਹੈ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਦੇ ਪੰਜੇ ਤਖ਼ਤ ਸਾਹਿਬਾਨ ਦਾ ਪੰਥਕ ਮਾਮਲਿਆਂ ਵਿਚ ਆਪਸੀ ਤਾਲਮੇਲ ਅਤੇ ਇਕਸੁਰਤਾ ਹੈ।