‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਸਾਡੇ ਨਾਲ ਜੁੜ ਰਹੇ ਹਨ ਲੋਕ - ਅਮਨ ਅਰੋੜਾ

ਚੰਡੀਗੜ੍ਹ, 19 ਅਗਸਤ (ਅਜਾਬਿ ਸਿੰਘ ਔਜਲਾ)- ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਦੂਜੀ ਪਾਰਟੀਆਂ ਦੇ ਵਰਕਰ ਤੇ ਆਗੂ ਆਮ ਆਦਮੀ ਪਾਰਟੀ ਵਿਚ ਉਤਸ਼ਾਹ ਨਾਲ ਸ਼ਾਮਿਲ ਹੋ ਰਹੇ ਹਨ। ਇਹ ਗੱਲ ਅੱਜ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ ਗਈ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੀ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ ਵੀ ਸ਼ਾਮਿਲ ਸਨ, ਜਿਨ੍ਹਾਂ ਨੇ ਨੂਰ ਮਹਿਲ ਦੇ ਨਾਲ ਸੰਬੰਧਿਤ ਇਕ ਦਰਜਨ ਤੋਂ ਵੱਧ ਲੋਕਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਾਉਣ ਲਈ ਅਮਨ ਅਰੋੜਾ ਦਾ ਥਾਪੜਾ ਲਿਆ।
ਇਹ ਵੀ ਦੱਸਿਆ ਗਿਆ ਕਿ ਇਹ ਸਾਰੇ ਵਰਕਰ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਸਨ। ਇਸੇ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਹੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਆਦਮੀ ਪਾਰਟੀ ਨੂੰ ਹੋਰ ਵੀ ਬਲ ਮਿਲੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਵਰਕਰ ਤੇ ਵਿਧਾਇਕਾ ਇੰਦਰਜੀਤ ਕੌਰ ਮਾਨ ਪਾਰਟੀ ਲਈ ਹੋਰ ਵੀ ਚੰਗੀ ਭੂਮਿਕਾ ਨਿਭਾਉਣਗੇ। ਇਸ ਮੌਕੇ ’ਤੇ ਅਮਨ ਅਰੋੜਾ ਨੇ ਪੰਜਾਬ ਵਿਚ ਹੜਾਂ ਦੀ ਸਥਿਤੀ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਲਈ ਪ੍ਰਸ਼ਾਸਨਿਕ ਅਧਿਕਾਰੀ ਅਤੇ ਪੁਲਿਸ ਅਧਿਕਾਰੀ ਬਰਾਬਰ ਨਿਗਰਾਨੀ ਵੀ ਰੱਖ ਰਹੇ ਹਨ।