ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਕਿਸਾਨਾਂ ਦੀਆਂ ਚਿੰਤਾਵਾਂ ਵਧੀਆਂ

ਅਜਨਾਲਾ, ਰਮਦਾਸ, ਗੱਗੋਮਾਹਲ, (ਅੰਮ੍ਰਿਤਸਰ), 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)- ਜੰਮੂ ਕਸ਼ਮੀਰ ਦੇ ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀਆਂ ਬਾਰਿਸ਼ਾਂ ਅਤੇ ਰਣਜੀਤ ਸਾਗਰ ਡੈਮ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਨੇੜੇ ਜਾਣ ਤੋਂ ਬਾਅਦ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਰਾਤ-ਰਾਤ ਵਧ ਜਾਣ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵੀ ਵੱਧ ਗਈਆਂ ਹਨ।
ਭਾਵੇਂ ਕਿ ਪਿਛਲੇ ਹਫ਼ਤੇ ਵੀ ਰਾਵੀ ਦੇ ਦਰਿਆ ਵਿਚ ਪਾਣੀ ਦਾ ਪੱਧਰ ਵਧਿਆ ਸੀ, ਪਰ ਇਸ ਵਾਰ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਜ਼ਿਆਦਾ ਨਜ਼ਰ ਆ ਰਿਹਾ ਹੈ। ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਸਾਬਕਾ ਸਰਪੰਚ ਪ੍ਰਿਥੀਪਾਲ ਸਿੰਘ ਘੋਹਨੇਵਾਲਾ ਨੇ ਦੱਸਿਆ ਕਿ ਇਸ ਵਾਰ ਪਹਿਲਾਂ ਨਾਲੋਂ ਪਾਣੀ ਕਾਫ਼ੀ ਜਿਆਦਾ ਤੇਜ਼ ਆਇਆ ਹੈ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਤੜਕਸਾਰ ਤੋਂ ਹੀ ਪਾਣੀ ਰਾਵੀ ਦਰਿਆ ਤੋਂ ਬਾਹਰ ਕਿਸਾਨਾਂ ਦੀਆਂ ਫ਼ਸਲਾਂ ਵਿਚ ਪੈਣਾ ਸ਼ੁਰੂ ਹੋ ਗਿਆ ਹੈ ਤੇ ਜੇਕਰ ਪਾਣੀ ਇਸੇ ਤਰ੍ਹਾਂ ਵੱਧਦਾ ਰਿਹਾ ਤਾਂ ਸਰਹੱਦੀ ਕਿਸਾਨਾਂ ਦੀਆਂ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਰਾਵੀ ਦਰਿਆ ਵਿਚ ਧਰਮਕੋਟ ਪੱਤਣ ਵਿਖੇ 2.35 ਲੱਖ ਕਿਊਸਕ ਪਾਣੀ ਆ ਰਿਹਾ ਸੀ। ਇਹ ਵੀ ਪਤਾ ਲੱਗਾ ਹੈ ਕਿ ਅੱਜ ਫਿਰ ਰਣਜੀਤ ਸਾਗਰ ਡੈਮ ਵਿਚੋਂ ਰਾਵੀ ਦਰਿਆ ਵਿਚ ਲਗਭਗ 50 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਰਣਜੀਤ ਸਾਗਰ ਡੈਮ ਵਿਚੋਂ ਕਰੀਬ 26 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਸੀ।