ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਰਾਵੀ ਦਰਿਆ ਦਾ ਜਾਇਜ਼ਾ ਲੈਣ ਲਈ ਅੱਧੀ ਰਾਤ ਪੁੱਜੇ ਪਿੰਡ ਘੋਹਨੇਵਾਲਾ


ਅਜਨਾਲਾ, 26 ਅਗਸਤ (ਗੁਰਪ੍ਰੀਤ ਸਿੰਘ ਢਿੱਲੋ)- ਅੱਜ ਅੱਧੀ ਰਾਤ ਨੂੰ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਮੌਜੂਦਾ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ 'ਤੇ ਪਿੰਡ ਘੋਹਨੇਵਾਲ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਅਤੇ ਐਸ.ਡੀ.ਐਮ. ਰਵਿੰਦਰ ਸਿੰਘ ਅਰੋੜਾ ਵੀ ਹਾਜ਼ਰ ਸਨ। 'ਅਜੀਤ' ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਲੋਕਾਂ ਨੂੰ ਕਿਹਾ ਕਿ ਤੁਹਾਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਸਾਡੀ ਸਰਕਾਰ ਤੁਹਾਡੇ ਨਾਲ ਖੜੀ ਹੈ।
ਜ਼ਿਲ੍ਹਾ ਪੱਧਰ ਉੱਤੇ ਕਾਇਮ ਕੀਤੇ ਗਏ ਹੜ੍ਹ ਕੰਟਰੋਲ ਰੂਮ ਫੋਨ ਨੰਬਰ 0183-2229125, ਅਜਨਾਲਾ ਤਹਿਸੀਲ ਦੇ ਕੰਟਰੋਲ ਰੂਮ 01858-221102 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਅਤੇ ਐਸ.ਡੀ.ਐਮ. ਅਜਨਾਲਾ ਰਵਿੰਦਰ ਸਿੰਘ ਨੇ ਦੱਸਿਆ ਕਿ ਅਜਨਾਲਾ ਹਲਕੇ ਵਿਚ ਫਿਲਹਾਲ ਧੁਸੀ ਬੰਨ੍ਹ ਨੂੰ ਕੋਈ ਖ਼ਤਰਾ ਨਹੀਂ ਹੈ ਪਰ ਅਸੀਂ ਨੀਵੇਂ ਸਥਾਨ ਉੱਤੇ ਰਹਿ ਰਹੇ ਲੋਕਾਂ ਨੂੰ ਉੱਚੇ ਸਥਾਨ ਉੱਤੇ ਤਬਦੀਲ ਹੋਣ ਲਈ ਬੇਨਤੀ ਕਰ ਰਹੇ ਹਾਂ।