ਵੱਖ-ਵੱਖ ਮੰਤਰੀਆਂ ਵਲੋਂ ਹਲਕਾ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਅਜਨਾਲਾ, ਰਮਦਾਸ, ਗੱਗੋਮਾਹਲ (ਅੰਮ੍ਰਿਤਸਰ), 27 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)- ਰਾਵੀ ਦਰਿਆ ਦੇ ਤਿੰਨ ਤੋਂ ਵਧੇਰੇ ਬੰਨ੍ਹ ਟੁੱਟ ਜਾਣ ਤੋਂ ਬਾਅਦ ਹਲਕਾ ਅਜਨਾਲਾ ਦੇ ਦੋ ਦਰਜਨ ਤੋਂ ਵਧੇਰੇ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਗਏ ਹਨ। ਹੜ੍ਹਾਂ ਤੋਂ ਬਾਅਦ ਬਣੇ ਹਾਲਾਤ ਦਾ ਜਾਇਜ਼ਾ ਲੈਣ ਲਈ ਪੰਜਾਬ ਸਰਕਾਰ ਦੇ ਮੰਤਰੀ ਬਰਿੰਦਰ ਗੋਇਲ, ਹਰਭਜਨ ਸਿੰਘ ਈ.ਟੀ.ਓ. ਅਤੇ ਸਵੇਰ ਤੋਂ ਹੀ ਰਮਦਾਸ ਖੇਤਰ ਵਿਚ ਮੌਜੂਦ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਨਜ਼ਦੀਕ ਪਹੁੰਚੇ, ਜਿਥੇ ਉਨ੍ਹਾਂ ਪ੍ਰਸ਼ਾਸਨ ਵਲੋਂ ਹੜ੍ਹਾਂ ਕਾਰਨ ਪਿੰਡਾਂ ਵਿਚ ਫਸੇ ਲੋਕਾਂ ਨੂੰ ਬਾਹਰ ਲਿਆਉਣ ਦੀ ਚਲਾਈ ਜਾ ਰਹੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਚਿੰਤਾ ਭਰੀ ਘੜੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਨ੍ਹਾਂ ਦੇ ਨਾਲ ਹੈ। ਮੰਤਰੀ ਬਰਿੰਦਰ ਗੋਇਲ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮੁਸ਼ਕਿਲ ਭਰੇ ਹਾਲਾਤ ਨਾਲ ਜੂਝ ਰਹੇ ਇਨ੍ਹਾਂ ਪਿੰਡਾਂ ਦੇ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਜੋ ਵੀ ਨੁਕਸਾਨ ਹੋਵੇਗਾ ਉਸ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।