ਅਜਨਾਲਾ ਤੇ ਰਮਦਾਸ ਖੇਤਰ 'ਚ ਹੜ੍ਹ ਪ੍ਰਭਾਵਿਤ ਲੋਕਾਂ ਦੇ ਬਚਾਅ ਲਈ ਤੁਰੰਤ ਭਾਰਤੀ ਫੌਜ ਦੀ ਮਦਦ ਲਈ ਜਾਵੇ - ਹਰਪ੍ਰਤਾਪ ਸਿੰਘ

ਅਜਨਾਲਾ, ਰਮਦਾਸ, ਗੱਗੋਮਾਹਲ, 27 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਰਾਵੀ ਦਰਿਆ ਵਿਚ ਆਏ ਭਾਰੀ ਹੜ੍ਹਾਂ ਕਾਰਨ ਲੋਕਾਂ ਦਾ ਹਾਲ- ਚਾਲ ਜਾਨਣ ਲਈ ਕਸਬਾ ਰਮਦਾਸ ਪਹੁੰਚੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਸ. ਹਰਪ੍ਰਤਾਪ ਸਿੰਘ ਅਜਨਾਲਾ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਭਾਰੀ ਹੜ੍ਹਾਂ ਕਾਰਨ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਦੋ ਦਰਜਨ ਤੋਂ ਵਧੇਰੇ ਪਿੰਡਾਂ ਵਿਚ ਫਸੇ ਲੋਕਾਂ ਨੂੰ ਸਹੀ ਸਲਾਮਤ ਬਾਹਰ ਲਿਆਉਣ ਲਈ ਤੁਰੰਤ ਭਾਰਤੀ ਫੌਜ ਦੀ ਮਦਦ ਲਈ ਜਾਵੇ।
ਉਨ੍ਹਾਂ ਕਿਹਾ ਕਿ ਇਸ ਸਮੇਂ ਹਲਕਾ ਅਜਨਾਲਾ ਦੇ ਪਿੰਡਾਂ ਵਿਚ ਹਾਲਾਤ ਬਦ ਤੋਂ ਬਦਤਰ ਬਣਦੇ ਜਾ ਰਹੇ ਹਨ ਅਤੇ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਲੋਕਾਂ ਦੀ ਬਾਂਹ ਫੜੇ ਅਤੇ ਉਨ੍ਹਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਏI ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਔਖੀ ਘੜੀ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈI