JALANDHAR WEATHER

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਨਗਰ ਕੀਰਤਨ ਜਮਸ਼ੇਦਪੁਰ ਟਾਟਾ ਨਗਰ ਤੋਂ ਰਾਂਚੀ ਲਈ ਰਵਾਨਾ

ਅੰਮ੍ਰਿਤਸਰ, 27 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਜਮਸ਼ੇਦਪੁਰ ਟਾਟਾ ਨਗਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਂਚੀ ਝਾਰਖੰਡ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।

ਅੱਜ ਇਹ ਨਗਰ ਕੀਰਤਨ ਗੁਰਦੁਆਰਾ ਨਾਨਕਸਰ ਸਾਹਿਬ ਟੈਲਕੋ ਜਮਸ਼ੇਦਪੁਰ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਰਾਂਚੀ ਪੁੱਜਾ। ਰਸਤੇ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਸਥਾਨਕ ਸੰਗਤਾਂ ਸ਼ਬਦ ਕੀਰਤਨ ਕਰਦਿਆਂ ਅੱਗੇ ਤੋਂ ਨਗਰ ਕੀਰਤਨ ਦੇ ਸਵਾਗਤ ਲਈ ਆਈਆਂ। ਇਸ ਦੌਰਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਰਘੁਬਰ ਦਾਸ ਨੇ ਵੀ ਵਿਸ਼ੇਸ਼ ਤੌਰ ਉਤੇ ਪਹੁੰਚ ਕੇ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਰਸਤੇ ਵਿਚ ਸੰਗਤਾਂ ਵਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ।

ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਅਤੇ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਪ੍ਰਤੀ ਵੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ। ਇਹ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਂਚੀ ਵਿਖੇ ਰੁਕੇਗਾ, ਜਿਥੋਂ 28 ਅਗਸਤ ਨੂੰ ਅਗਲੇ ਪੜਾਅ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਰਵਾਨਾ ਹੋਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਰਾਮ ਸਿੰਘ ਰਾਠੌਰ ਮੁੰਬਈ, ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸ. ਸਤਿੰਦਰ ਸਿੰਘ, ਭਾਈ ਜਗਦੇਵ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਬਲਵਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ