ਡੀ.ਸੀ. ਵਲੋਂ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਫਿਰੋਜ਼ਪੁਰ, 27 ਅਗਸਤ (ਗੁਰਿੰਦਰ ਸਿੰਘ)-ਸਤਲੁਜ ਦਰਿਆ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪ੍ਰਸ਼ਾਸਨਿਕ ਅਧਿਕਾਰੀ ਪੂਰੀ ਤਰ੍ਹਾਂ ਨਾਲ ਮੁਸਤੈਦ ਹਨ। ਜ਼ਿਲ੍ਹੇ ਅੰਦਰ 12 ਰਾਹਤ ਕੈਂਪ ਬਣਾਏ ਗਏ ਹਨ ਜਿਥੇ ਲਗਭਗ 2000 ਲੋਕਾਂ ਨੂੰ ਰੈਸਕਿਊ ਕਰਕੇ ਲਿਆਂਦਾ ਗਿਆ ਹੈ ਅਤੇ ਇਨ੍ਹਾਂ ਕੈਂਪਾਂ ਵਿਚ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਹਾਇਤਾ ਲਈ ਐਂਬੂਲੈਂਸਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਲਈ ਮੈਡੀਕਲ ਕੈਂਪ ਲੱਗੇ ਹੋਏ ਹਨ। ਅੱਜ ਸਵੇਰੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਹੜ੍ਹ ਪ੍ਰਭਾਵਿਤ ਪਿੰਡਾਂ ਟੇਂਡੀਵਾਲਾ, ਕਾਲੂ ਵਾਲ, ਹਬੀਬ ਕੇ ਬੰਨ੍ਹ, ਨਿਹਾਲਾ ਲਵੇਰਾ, ਨਿਹਾਲਾ ਕਿਲਚਾ ਸਮੇਤ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੇ ਕਿਹਾ ਕਿ ਆਰਮੀ, ਬੀ. ਐੱਸ.ਐਫ. ਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਦਿਨ-ਰਾਤ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ ਅਤੇ ਹੜ੍ਹ ਪ੍ਰਭਾਵਿਤਾਂ ਨੂੰ ਸੁਰੱਖਿਅਤ ਰਾਹਤ ਕੈਂਪਾਂ ਵਿਚ ਪਹੁੰਚਾਇਆ ਜਾ ਰਿਹਾ ਹੈ।