ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੁੱਜਣ ’ਤੇ ਜਥੇਦਾਰ ਗੜਗੱਜ ਦਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਸਨਮਾਨ

ਅੰਮ੍ਰਿਤਸਰ, 28 ਅਗਸਤ (ਜਸਵੰਤ ਸਿੰਘ ਜੱਸ)- ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੁੱਜਣ ’ਤੇ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਸਮੇਤ ਪਟਨਾ ਸ਼ਹਿਰ ਦੀ ਸਿੱਖ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਉਨ੍ਹਾਂ ਦਾ ਪਟਨਾ ਹਵਾਈ ਅੱਡੇ ’ਤੇ ਸਵਾਗਤ ਕੀਤਾ ਗਿਆ। ਇਸ ਉਪਰੰਤ ਗਿਆਨੀ ਗੜਗੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਵਲੋਂ ਗਿਆਨੀ ਗੜਗੱਜ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ। ਇਸ ਮੌਕੇ ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਜੂਨੀਅਰ ਮੀਤ ਪ੍ਰਧਾਨ ਪ੍ਰਧਾਨ ਗੁਰਵਿੰਦਰ ਸਿੰਘ, ਗ੍ਰੰਥੀ ਸਾਹਿਬਾਨ ਗਿਆਨੀ ਦਲੀਪ ਸਿੰਘ, ਗਿਆਨੀ ਗੁਰਦਿਆਲ ਸਿੰਘ ਤੇ ਕਥਾਵਾਚਕ ਗਿਆਨੀ ਚਰਨਜੀਤ ਸਿੰਘ ਸਮੇਤ ਹੋਰ ਸਥਾਨਕ ਸੰਗਤਾਂ ਹਾਜ਼ਰ ਸਨ।