JALANDHAR WEATHER

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਜਨਾਲਾ/ਰਮਦਾਸ ਹੜ੍ਹ ਪੀੜਤ ਪਰਿਵਾਰਾਂ ਤੇ ਪਸ਼ੂਆਂ ਲਈ ਰਾਹਤ ਕੈਂਪ ਸਥਾਪਤ, ਹੈਲਪਲਾਈਨ ਨੰਬਰ ਵੀ ਜਾਰੀ

ਅਜਨਾਲਾ, ਗੱਗੋਮਾਹਲ, ਰਮਦਾਸ, 28 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਲਗਾਤਾਰ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਅਜਨਾਲਾ ਹਲਕੇ ਵਿਚ ਕਈ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਗਏ ਹਨ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿਨ-ਰਾਤ ਇਕ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਉੱਤੇ ਹੜ੍ਹ ਤੋਂ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ ਅਤੇ ਇਨ੍ਹਾਂ ਦਾ ਨੋਡਲ ਅਧਿਕਾਰੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਦੀਪ ਕੌਰ ਨੂੰ ਬਣਾਇਆ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ ਨੇ ਦੱਸਿਆ ਕਿ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਕੈਂਪ ਦਾਣਾ ਮੰਡੀ ਅਜਨਾਲਾ, ਭਲਾ ਪਿੰਡ ਸ਼ੂਗਰ ਮਿੱਲ ਅਤੇ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਸ਼ੂਆਂ ਲਈ ਦਾਣਾ ਮੰਡੀ ਅਜਨਾਲਾ ਵਿਖੇ ਵੀ ਇਕ ਵਿਸ਼ੇਸ਼ ਰਾਹਤ ਕੈਂਪ ਸਥਾਪਤ ਕੀਤਾ ਗਿਆ ਹੈ, ਜਿਥੇ ਪਸ਼ੂਆਂ ਦੇ ਚਾਰੇ ਦੇ ਪ੍ਰਬੰਧ ਤੋਂ ਇਲਾਵਾ ਵੈਟਰਨਰੀ ਡਾਕਟਰ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋੜਵੰਦ ਵਿਅਕਤੀ ਰਾਹਤ ਕੰਮ ਦਾਣਾ ਮੰਡੀ ਅਜਨਾਲਾ ਦੇ ਹੈਲਪਲਾਈਨ ਨੰਬਰ 8437453157, ਰਾਹਤ ਕੈਂਪ ਭਲਾ ਪਿੰਡ ਸ਼ੂਗਰ ਮਿੱਲ ਦੇ ਹੈਲਪਲਾਈਨ ਨੰਬਰ 7508043152 ਅਤੇ ਰਾਹਤ ਕੈਂਪ ਗੁਰਦੁਆਰਾ ਗੁਰੂ ਕਾ ਬਾਗ ਦੇ ਹੈਲਪਲਾਈਨ ਨੰਬਰ 8264265504 ਉਤੇ ਕਿਸੇ ਵੀ ਮਦਦ ਲਈ ਸੰਪਰਕ ਸਥਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਵੇਲੇ ਉਨ੍ਹਾਂ ਦੀ ਸਹਾਇਤ ਕਰਨ ਲਈ ਹਾਜ਼ਰ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਰਾਹਤ ਕੈਂਪਾਂ ਵਿਚ ਸ਼ਰਨ ਲੈ ਸਕਦੇ ਹਨ ਅਤੇ ਇਨ੍ਹਾਂ ਵਾਸਤੇ ਰੋਟੀ ਪਾਣੀ ਦੀ ਪੂਰੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰ ਉਤੇ ਹੈਲਪਲਾਈਨ ਨੰਬਰ 0183-2229125 ਅਤੇ ਅਜਨਾਲਾ ਵਿਖੇ ਹੈਲਪਲਾਈਨ ਨੰਬਰ 01858-245510 ਉਤੇ ਵੀ ਸੰਪਰਕ ਸਥਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਸਥਿਤੀ ਵਿਚ ਇਨ੍ਹਾਂ ਹੈਲਪਲਾਈਨ ਨੰਬਰਾਂ ਉਤੇ ਸੰਪਰਕ ਕੀਤਾ ਜਾਵੇ ਤਾਂ ਜੋ ਪ੍ਰਸ਼ਾਸਨ ਉਨ੍ਹਾਂ ਦੀ ਹਰ ਸੰਭਵ ਮਦਦ ਕਰ ਸਕੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ