JALANDHAR WEATHER

ਚਾਰ ਦਹਾਕਿਆਂ ਬਾਅਦ ਹਰਿਆਣਾ ਸਰਕਾਰ ਨੇ ਸਿੱਖਾਂ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਗਾਉਣ ਦਾ ਕੰਮ ਕੀਤਾ - ਦਾਦੂਵਾਲ

ਕਰਨਾਲ, 28 ਅਗਸਤ (ਗੁਰਮੀਤ ਸਿੰਘ ਸੱਗੂ)-ਸਿੱਖ ਧਰਮ ਦੇ ਅੰਤਰਰਾਸ਼ਟਰੀ ਪ੍ਰਚਾਰਕ ਅਤੇ ਐਚ.ਐਸ.ਜੀ.ਪੀ.ਸੀ. ਦੇ ਧਾਰਮਿਕ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੇ ਮੁਖੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਵਿਚ ਮਾਰੇ ਗਏ ਪਰਿਵਾਰਾਂ ਦੇ ਲੋਕਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਫੈਸਲਾ ਲੈ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਮਰਹਮ ਲਗਾਉਣ ਦਾ ਕੰਮ ਕੀਤਾ ਹੈ। ਇਸ ਲਈ ਮੁੱਖ ਮੰਤਰੀ ਨੂੰ ਸੂਬੇ ਦੇ ਸਿੱਖ ਭਾਈਚਾਰੇ ਵਲੋਂ ਸਨਮਾਨਿਤ ਕੀਤਾ ਜਾਵੇਗਾ। ਇਸ ਲਈ ਜਲਦੀ ਹੀ ਇਕ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ 41 ਸਾਲਾਂ ਬਾਅਦ ਆਖਿਰਕਾਰ ਕਿਸੇ ਨੇ ਦੰਗਿਆਂ ਵਿਚ ਮਾਰੇ ਗਏ ਸਿੱਖ ਪਰਿਵਾਰਾਂ ਨੂੰ ਯਾਦ ਕੀਤਾ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਦੰਗਿਆਂ ਵਿਚ ਮਾਰੇ ਗਏ ਸਿੱਖ ਪਰਿਵਾਰਾਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਸੀ। ਉਹ ਅੱਜ ਤਰਾਵੜੀ ਤੋਂ ਕਰਨਾਲ ਪਹੁੰਚੇ। ਇਥੇ ਉਨ੍ਹਾਂ ਨੇ ਗੁਰਪੁਰਬ ਪ੍ਰਬੰਧਕ ਕਮੇਟੀ ਦੇ ਮੁਖੀ ਵਰਿੰਦਰ ਸਿੰਘ ਦੇ ਨਿਵਾਸ ਸਥਾਨ 'ਤੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਜਨਰਲ ਸਕੱਤਰ ਇੰਦਰਪਾਲ ਸਿੰਘ, ਗੁਲਾਬ ਸਿੰਘ ਮੂਨਕ, ਤੇਜਿੰਦਰ ਪਾਲ ਸਿੰਘ ਡਿੰਪੀ ਮੌਜੂਦ ਸਨ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਲਏ ਗਏ ਫੈਸਲੇ ਦੀ ਪਾਲਣਾ ਦੇਸ਼ ਦੀਆਂ ਹੋਰ ਰਾਜ ਸਰਕਾਰਾਂ ਨੂੰ ਕਰਨੀ ਚਾਹੀਦੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਤੋਂ ਮੰਗ ਕੀਤੀ ਕਿ ਦੇਸ਼ ਭਰ ਵਿਚ ਹਰਿਆਣਾ ਦੀ ਤਰਜ਼ 'ਤੇ ਸਿੱਖ ਦੰਗਿਆਂ ਵਿਚ ਮਾਰੇ ਗਏ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾਣ।

ਉਨ੍ਹਾਂ ਹਰਿਆਣਾ ਸਰਕਾਰ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਐਕਟ ਵਿਚ ਕੀਤੇ ਗਏ ਸੋਧ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਨਿਆਂਇਕ ਕਮਿਸ਼ਨ ਨੂੰ ਦਿੱਤੇ ਗਏ ਅਧਿਕਾਰ ਸਹੀ ਹਨ। ਉਨ੍ਹਾਂ ਕਿਹਾ ਕਿ ਕਮੇਟੀ 'ਤੇ ਕੁਝ ਕੰਟਰੋਲ ਹੋਣਾ ਚਾਹੀਦਾ ਹੈ। ਉਨ੍ਹਾਂ ਦੀ ਮਨਮਾਨੀ ਬੰਦ ਕੀਤੀ ਜਾਵੇਗੀ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਐਚ.ਐਸ.ਜੀ.ਪੀ.ਸੀ. ਦੇ ਮੈਂਬਰ ਜੋ ਨਸ਼ਿਆਂ ਦਾ ਸੇਵਨ ਕਰਦੇ ਹਨ, ਉਨ੍ਹਾਂ ਨੂੰ ਖੁਦ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ