ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਹਿਮਾਚਲ ਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਨਵੀਂ ਦਿੱਲੀ, 9 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹੜ੍ਹਾਂ ਦੀ ਮਾਰ ਝੱਲ ਰਹੇ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨਗੇ। ਉਹ ਦੋਵਾਂ ਰਾਜਾਂ ਦੇ ਹੜ੍ਹ ਪੀੜਤਾਂ ਨੂੰ ਮਿਲਣਗੇ ਅਤੇ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕਰਨਗੇ।
ਮਿਲੀ ਜਾਣਕਾਰੀ ਅਤੇ ਪ੍ਰੋਗਰਾਮ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਦੁਪਹਿਰ ਲਗਭਗ 1:20 ਵਜੇ ਵਿਸ਼ੇਸ਼ ਜਹਾਜ਼ ਰਾਹੀਂ ਗੱਗਲ ਹਵਾਈ ਅੱਡੇ ’ਤੇ ਪਹੁੰਚਣਗੇ। ਦੁਪਹਿਰ ਲਗਭਗ 1:30 ਵਜੇ ਪ੍ਰਧਾਨ ਮੰਤਰੀ ਹਵਾਈ ਅੱਡੇ ’ਤੇ ਹੀ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ ਅਤੇ ਰਾਜ ਵਿਚ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ। ਇਹ ਮੀਟਿੰਗ ਦੁਪਹਿਰ 1:30 ਤੋਂ 2:15 ਵਜੇ ਤੱਕ ਚੱਲੇਗੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਆਫ਼ਤ ਪ੍ਰਭਾਵਿਤ ਚੰਬਾ, ਮੰਡੀ ਅਤੇ ਕੁੱਲੂ ਦਾ ਹਵਾਈ ਸਰਵੇਖਣ ਕਰਨਗੇ। ਉਹ ਦੁਪਹਿਰ ਲਗਭਗ 3 ਵਜੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕਰਨਗੇ।
ਹਵਾਈ ਸਰਵੇਖਣ ਤੋਂ ਬਾਅਦ ਪ੍ਰਧਾਨ ਮੰਤਰੀ ਸ਼ਾਮ 4 ਵਜੇ ਦੇ ਕਰੀਬ ਗੁਰਦਾਸਪੁਰ ਪਹੁੰਚਣਗੇ, ਜਿਥੇ ਉਹ ਸੀਨੀਅਰ ਅਧਿਕਾਰੀਆਂ ਨਾਲ ਹੜ੍ਹ ਦੀ ਸਥਿਤੀ ’ਤੇ ਚਰਚਾ ਕਰਨਗੇ ਅਤੇ ਜ਼ਮੀਨੀ ਸਥਿਤੀ ’ਤੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕਰਨਗੇ। ਉਹ ਗੁਰਦਾਸਪੁਰ ਵਿਚ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੇ ਨਾਲ-ਨਾਲ ਐਨ.ਡੀ.ਆਰ.ਐਫ਼. ਤੇ ਐਸ.ਡੀ.ਆਰ.ਐਫ਼ ਅਤੇ ਆਪਦਾ ਬਚਾਓ ਟੀਮ ਨਾਲ ਵੀ ਗੱਲਬਾਤ ਕਰਨਗੇ। ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਮੋਦੀ ਤੋਂ 20,000 ਕਰੋੜ ਰੁਪਏ ਦੇ ਅੰਤਰਿਮ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਸਵਾਗਤ ਹੈ ਅਤੇ ਸਰਕਾਰ ਨੂੰ ਉਮੀਦ ਹੈ ਕਿ ਉਹ ਆਫ਼ਤ ਪ੍ਰਭਾਵਿਤ ਸੂਬੇ ਲਈ ਖੁੱਲ੍ਹੇ ਦਿਲ ਨਾਲ ਰਾਹਤ ਪੈਕੇਜ ਦਾ ਐਲਾਨ ਕਰਨਗੇ।