ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆਂ ਨੇ ਮੁੱਖ ਮੰਤਰੀ ਪੰਜਾਬ ਦੀ ਸਿਹਤ ਦਾ ਹਾਲ ਜਾਣਿਆ

ਐਸ. ਏ. ਐਸ. ਨਗਰ, 9 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਹਸਪਤਾਲ ਵਿਚ ਸਿਹਤ ਦਾ ਹਾਲ ਜਾਨਣ ਆਏ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬੀਤੇ ਦਿਨੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਸਿਹਤ ਬਾਰੇ ਜਾਣਕਾਰੀ ਪੁੱਛੀ ਸੀ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਹਸਪਤਾਲ ਜਾ ਕੇ ਮੁੱਖ ਮੰਤਰੀ ਪੰਜਾਬ ਦੀ ਸਿਹਤ ਦਾ ਹਾਲ ਜਾਣ ਕੇ ਉਨ੍ਹਾਂ ਨੂੰ ਜਾਣੂ ਕਰਾਉਣ ਲਈ ਕਿਹਾ ਸੀ, ਜਿਸ ਕਾਰਨ ਉਹ ਅੱਜ ਇਥੇ ਆਏ ਹਨ। ਉਨ੍ਹਾਂ ਕਿਹਾ ਕਿ ਭਗਵੰਨ ਮਾਨ ਦੀ ਸਿਹਤ ਪਹਿਲਾਂ ਨਾਲੋਂ ਕਾਫ਼ੀ ਠੀਕ ਹੈ।
ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਤੋਂ ਪ੍ਰਧਾਨ ਮੰਤਰੀ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਫੇਰੀ ਸੰਬੰਧੀ ਜਾਣਕਾਰੀ ਲਈ ਗਈ। ਉਹਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਵਲੋਂ ਸ਼ੁਰੂਆਤ ਵਿਚ ਹੀ ਪੈਕਜ ਐਲਾਨ ਦਿੱਤਾ ਗਿਆ ਹੈ, ਜਦੋਂ ਵੀ ਹੋਰ ਜ਼ਰੂਰਤ ਹੋਈ ਤਾਂ ਉਹ ਹੋਰ ਵੀ ਫੰਡ ਜਾਰੀ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੀ ਹੜ੍ਹਾਂ ਨਾਲ ਹਾਲਤ ਹਿਮਾਚਲ ਨਾਲੋਂ ਵੀ ਜ਼ਿਆਦਾ ਖ਼ਰਾਬ ਲੱਗੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਪੰਜਾਬ ਦੇ ਕਿਸਾਨਾਂ ਤੇ ਲੋਕਾਂ ਨੂੰ ਜੋ ਵੀ ਨੁਕਸਾਨ ਹੋਇਆ ਹੈ, ਉਨ੍ਹਾਂ ਦੇ ਹਰ ਸੰਭਵ ਸਹਿਯੋਗ ਲਈ ਉਹ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਪ੍ਰਧਾਨ ਮੰਤਰੀ ਵਲੋਂ ਸਿਰਫ਼ ਟੋਕਨ ਜਾਰੀ ਕੀਤਾ ਗਿਆ ਹੈ, ਜੋ ਵੀ ਰਾਸ਼ੀ ਦੀ ਜ਼ਰੂਰਤ ਹੋਵੇਗੀ, ਉਹ ਸਰਵੇ ਹੋਣ ਉਪਰੰਤ ਜਾਰੀ ਕੀਤੀ ਜਾਵੇਗੀ।