ਅਗਲੇ ਇਕ ਦੋ ਦਿਨਾਂ ਵਿਚ ਮੁੱਖ ਮੰਤਰੀ ਪੰਜਾਬ ਨੂੰ ਹਸਪਤਾਲ ਵਿਚੋਂ ਮਿਲ ਜਾਵੇਗੀ ਛੁੱਟੀ- ਅਮਨ ਅਰੋੜਾ

ਐਸ.ਏ.ਐਸ. ਨਗਰ 10 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਿਹਤ ਦਾ ਹਾਲ ਚਾਲ ਜਾਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਸਿਹਤ ਵਿਚ ਬਹੁਤ ਸੁਧਾਰ ਹੈ। ਉਨ੍ਹਾਂ ਨੂੰ ਅਗਲੇ ਇਕ ਦੋ ਦਿਨਾਂ ਵਿਚ ਛੁੱਟੀ ਮਿਲ ਜਾਵੇਗੀ। ਉਨ੍ਹਾਂ ਕਿਹਾ ਉਨ੍ਹਾਂ ਇਥੇ ਬੈਠੇ ਵੀ ਪੰਜਾਬ ਦੇ ਹੜ੍ਹਾਂ ਦੀ ਸਥਿਤੀ ’ਤੇ ਨਜ਼ਰ ਬਣਾਈ ਹੋਈ ਹੈ। ਉਹ ਅਧਿਕਾਰੀਆਂ ਤੋਂ ਪਲ ਪਲ ਦੀ ਜਾਣਕਾਰੀ ਲੈ ਰਹੇ ਹਨ।
ਅਮਨ ਅਰੋੜਾ ਨੇ ਕਿਹਾ ਕਿ ਬੀਤੇ ਦਿਨੀਂ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਸੰਬੰਧੀ ਉਨ੍ਹਾਂ ਤੋਂ ਵਿਸਥਾਰ ਵਿਚ ਜਾਣਕਾਰੀ ਲਈ ਹੈ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਕਿਵੇਂ ਮਦਦ ਕਰਨੀ ਹੈ, ਇਸ ਸੰਬੰਧੀ ਵੀ ਉਨ੍ਹਾਂ ਨਾਲ ਮੁੱਖ ਮੰਤਰੀ ਵਲੋਂ ਵਿਚਾਰ ਚਰਚਾ ਕੀਤੀ ਗਈ ਹੈ। ਪ੍ਰਧਾਨ ਮੰਤਰੀ ਵਲੋਂ ਜਾਰੀ ਰਾਹਤ ਫੰਡ ਸੰਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 20 ਹਜ਼ਾਰ ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ ਪਰ ਪ੍ਰਧਾਨ ਮੰਤਰੀ ਵਲੋਂ ਕੇਵਲ 1600 ਕਰੋੜ ਰੁਪਏ ਹੀ ਜਾਰੀ ਕੀਤੇ ਗਏ ਹਨ ਤੇ ਇਹ ਊਠ ਦੇ ਮੂੰਹ ਵਿਚ ਜੀਰੇ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਆਸ ਕਰਦੇ ਹਾਂ ਕਿ ਜਿਸ ਤਰ੍ਹਾਂ ਗਵਰਨਰ ਸਾਹਿਬ ਨੇ ਦੱਸਿਆ ਪ੍ਰਧਾਨ ਮੰਤਰੀ ਪੰਜਾਬ ਨੂੰ ਰਾਹਤ ਫੰਡ ਜਾਰੀ ਕਰਨਗੇ।